ਜਲੰਧਰ : ਪੰਜਾਬ ‘ਚ ਵੱਧ ਰਹੇ ਨਸ਼ੇ ਦੇ ਮਾਮਲੇ ਨੌਜਵਾਨਾਂ ਦੇ ਨਾਲ-ਨਾਲ ਹੁਣ ਸਰਕਾਰੀ ਵਿਭਾਗਾਂ ਨੂੰ ਵੀ ਖੋਖਲਾ ਕਰ ਰਿਹਾ ਹੈ। ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਸ਼ਰਮਸਾਰ ਹੋਣਾ ਪਿਆ ਹੈ। ਜਲੰਧਰ ਦੇ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ‘ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੇ ਖਾਕੀ ਵਰਦੀ ’ਤੇ ਦਾਗ਼ ਲਾ ਦਿੱਤਾ ਹੈ।
ਮਾਮਲਾ ਨੂਰਮਹਿਲ ਰੋਡ ਦਾ ਹੈ ਜਿੱਥੇ ਇਕ ਬਾਈਕ ਸਵਾਰ ਨੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਜਾਂਚ ‘ਚ ਸਾਹਮਣੇ ਆਇਆ ਕਿ ਮੁੰਦਰਾ ਖੋਹਣ ਵਾਲਾ ਕੋਈ ਹੋਰ ਨਹੀਂ ਸਗੋਂ ਪੁਲਿਸ ਮੁਲਾਜ਼ਮ ਹੈ। ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮ ਪੁਲਿਸ ਨੂੰ ਕਾਬੂ ਕਰ ਲਿਆ ਗਿਆ, ਪਰ ਉਸ ਦੇ 2 ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ।
ਜਾਣਕਾਰੀ ਮੁਤਾਬਕ ਉਕਤ ਪੁਲਸ ਮੁਲਾਜ਼ਮ ਨਸ਼ੇ ਦਾ ਆਦੀ ਹੈ ਅਤੇ ਇਸ ਕਾਰਨ ਉਸ ਨੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਊਟੀ ਅਫਸਰ ASI ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਫਿਲੌਰ ਦੇ ਕਿਲ੍ਹੇ ਵਿੱਚ ਡਿਊਟੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਹ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫਿਲੌਰ ਤੋਂ ਕੁਝ ਸਮਾਂ ਪਹਿਲਾਂ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਸੀ। ਮੁਲਜ਼ਮ ਪੁਲਿਸ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਪਰ ਹੁਣ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਦੂਜੇ ਪਾਸੇ ਪੀੜਤ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ। ਜਦੋਂ ਉਹ ਆਪਣੇ ਬੱਚਿਆਂ ਨਾਲ ਕਿਲਾ ਰੋਡ ਵੱਲ ਆ ਰਹੀ ਸੀ ਤਾਂ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਕੁਲਵਿੰਦਰ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਨੇ ਵਰਦੀ ਵੀ ਪਾਈ ਹੋਈ ਸੀ। ਜਿਸ ਤੋਂ ਬਾਅਦ ਉਸ ਦੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਅਤੇ ਤਿੰਨਾਂ ‘ਚੋਂ ਇਕ ਨੂੰ ਕਾਬੂ ਕਰ ਲਿਆ ਗਿਆ। ਜਦਕਿ 2 ਭੱਜਣ ‘ਚ ਕਾਮਯਾਬ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਿਛਲੇ ਕੁਝ ਸਮੇਂ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ਿਆਂ ਕਾਰਨ ਅਪਰਾਧ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਤਿੰਨ ਦਿਨ ਪਹਿਲਾਂ ਹੀ ਲੁਧਿਆਣਾ ਵਿੱਚ ਵੀ ਇਕ ਮਾਮਲਾ ਸਾਹਮਣੇ ਆਇਆ ਸੀ। ਇੱਥੇ ਥਾਣਾ ਡਿਵੀਜ਼ਨ ਨੰਬਰ 4 ਦੇ ਐਡੀਸ਼ਨਲ SHO ASI ਹਰਜਿੰਦਰ ਸਿੰਘ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਸ ਨੇ ਨਸ਼ਾ ਤਸਕਰੀ ਵਿੱਚ ਫੜੀ ਔਰਤ ਨਾਲ ਮਿਲ ਕੇ ਹੈਰੋਇਨ ਦੀ ਤਸਕਰੀ ਕਰਨੀ ਸ਼ੁਰੂ ਕੀਤੀ ਸੀ । ਮੁਲਜ਼ਮ ਹਰਜਿੰਦਰ ਵਰਦੀ ਵਿੱਚ ਨਸ਼ੇ ਦੀ ਸਪਲਾਈ ਕਰਦਾ ਸੀ। ਹਰਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਪੁਲਿਸ ਵਿਭਾਗ ‘ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।