ਕਾਂਗਰਸ ਨੇ ਐਤਵਾਰ ਨੂੰ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਉਹ 26 ਜਨਵਰੀ ਤੋਂ ਦੇਸ਼ ਭਰ ‘ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਸ਼ੁਰੂ ਕਰੇਗੀ, ਜਿਸ ਤਹਿਤ ਬਲਾਕ, ਪੰਚਾਇਤ ਅਤੇ ਬੂਥ ਪੱਧਰ ‘ਤੇ ਜਨ ਸੰਪਰਕ ਕੀਤਾ ਜਾਵੇਗਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਤੋਂ ਬਾਅਦ 26 ਜਨਵਰੀ ਤੋਂ ਦੇਸ਼ ਭਰ ‘ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਸ਼ੁਰੂ ਕੀਤੀ ਜਾਵੇਗੀ।
ਵੇਣੂਗੋਪਾਲ ਨੇ ਦੱਸਿਆ ਕਿ ਦੋ ਮਹੀਨੇ ਤੱਕ ਚੱਲਣ ਵਾਲੀ ਇਸ ਮੁਹਿੰਮ ਵਿੱਚ ਰਾਹੁਲ ਗਾਂਧੀ ਦਾ ਇੱਕ ਪੱਤਰ ਵੀ ਲੋਕਾਂ ਨੂੰ ਸੌਂਪਿਆ ਜਾਵੇਗਾ, ਜਿਸ ਵਿੱਚ ਯਾਤਰਾ ਦਾ ਸੰਦੇਸ਼ ਹੋਵੇਗਾ ਅਤੇ ਇਸ ਦੇ ਨਾਲ ਨਰਿੰਦਰ ਮੋਦੀ ਸਰਕਾਰ ਵਿਰੁੱਧ ਇੱਕ ਚਾਰਜਸ਼ੀਟ ਵੀ ਅਟੈਚ ਕੀਤੀ ਜਾਵੇਗੀ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ 24 ਦਸੰਬਰ ਨੂੰ ਦਿੱਲੀ ਪੁੱਜੇਗੀ ਅਤੇ 26 ਜਨਵਰੀ ਤੱਕ ਸ਼੍ਰੀਨਗਰ ਵਿੱਚ ਖਤਮ ਹੋਵੇਗੀ। ਉਨ੍ਹਾਂ ਕਿਹਾ, ‘ਇਸ ਦੌਰੇ ਤੋਂ ਬਾਅਦ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਤਹਿਤ ਤਿੰਨ ਪੱਧਰੀ ਪ੍ਰੋਗਰਾਮ ਹੋਵੇਗਾ। ਬਲਾਕ ਅਤੇ ਬੂਥ ਪੱਧਰ ‘ਤੇ ਯਾਤਰਾਵਾਂ ਕੀਤੀਆਂ ਜਾਣਗੀਆਂ, ਜ਼ਿਲ੍ਹਾ ਪੱਧਰ ‘ਤੇ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਅਤੇ ਸੂਬਾ ਪੱਧਰ ‘ਤੇ ਰੈਲੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ‘…ਉਮਰਾਂ ‘ਚ ਕੀ ਰੱਖਿਐ’, 85 ਸਾਲਾਂ ਜਗਜੀਤ ਸਿੰਘ ਕਥੂਰੀਆ ਵਾਲਿੰਗਟਨ ਤੋਂ ਜਿੱਤ ਲਿਆਏ ਢੇਰ ਸਾਰੇ ਤਮਗੇ
ਰਮੇਸ਼ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਨਾਲ ਸਬੰਧਤ ਸਮਾਗਮਾਂ ‘ਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਅਗਲੇ ਸਾਲ ਫਰਵਰੀ ‘ਚ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ ਕਾਂਗਰਸ ਦਾ ਤਿੰਨ ਰੋਜ਼ਾ ਸੰਮੇਲਨ ਹੋਵੇਗਾ। ਇਹ ਫੈਸਲਾ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਕਾਂਗਰਸ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਇਹ ਸੰਮੇਲਨ ਫਰਵਰੀ ਦੇ ਦੂਜੇ ਪੰਦਰਵਾੜੇ ਵਿੱਚ ਹੋਵੇਗਾ ਜਿਸ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ ਜਾਵੇਗੀ।
ਪਾਰਟੀ ਸੰਮੇਲਨ ਵਿੱਚ ਖੜਗੇ ਦੀ ਕਾਂਗਰਸ ਪ੍ਰਧਾਨ ਵਜੋਂ ਚੋਣ ਦੀ ਪੁਸ਼ਟੀ ਕੀਤੀ ਜਾਵੇਗੀ ਅਤੇ ਫਿਰ ਨਵੀਂ ਵਰਕਿੰਗ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਖੜਗੇ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਸਟੀਅਰਿੰਗ ਕਮੇਟੀ ਦੀ ਮੀਟਿੰਗ ਹੋਈ। ਪਿਛਲੇ ਮਹੀਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਦੀ ਸਰਵਉੱਚ ਸੰਸਥਾ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਥਾਂ ‘ਤੇ ਮੱਲਿਕਾਰਜੁਨ ਖੜਗੇ ਵੱਲੋਂ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਬੈਠਕ ‘ਚ ਖੜਗੇ ਤੋਂ ਇਲਾਵਾ ਪਾਰਟੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਸੀਨੀਅਰ ਨੇਤਾ ਪੀ ਚਿਦੰਬਰਮ, ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਕਈ ਹੋਰ ਨੇਤਾ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: