ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਸਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਲਗਾਤਾਰ ਪੈਣਾ ਸ਼ੁਰੂ ਹੋ ਗਿਆ ਹੈ । ਪੰਜਾਬ, ਦਿੱਲੀ, ਉੱਤਰ ਪ੍ਰਦੇਸ਼,ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰ ਅਤੇ ਰਾਤ ਨੂੰ ਠੰਡ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ। ਲੋਕ ਘਰਾਂ ਤੋਂ ਬਾਹਰ ਨਿਕਲਣ ਸਮੇਂ ਬਹੁਤ ਸਾਵਧਾਨੀ ਵਰਤ ਰਹੇ ਹਨ। ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ।
ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਐਤਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਧੁੰਦ ਛਾਈ ਰਹੀ। ਜਿਸ ‘ਤੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ । ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ । ਐਤਵਾਰ ਨੂੰ ਧੁੰਦ ਕਾਰਨ ਕੁਝ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ।
ਇਸ ਸਬੰਧੀ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਧੁੰਦ ਦਾ ਪ੍ਰਭਾਵ ਮੰਗਲਵਾਰ ਤੱਕ ਰਹੇਗਾ । ਉਨ੍ਹਾਂ ਦੱਸਿਆ ਕਿ ਧੁੰਦ ਦਾ ਸਭ ਤੋਂ ਵੱਧ ਅਸਰ ਖੁੱਲ੍ਹੇ ਖੇਤਰਾਂ ਵਿੱਚ ਦਿਖਾਈ ਦੇਵੇਗਾ । ਅਗਲੇ ਦੋ ਦਿਨਾਂ ਤੱਕ ਹਾਈਵੇਅ ‘ਤੇ ਚੱਲਣ ਵਾਲਿਆਂ ਨੂੰ ਸਾਵਧਾਨ ਰਹਿਣਾ ਪਵੇਗਾ । ਬੁੱਧਵਾਰ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿਪਹਾੜਾਂ ‘ਤੇ ਬਰਫਬਾਰੀ ਕਾਰਨ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹੇਗਾ ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਡੇਢ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ । ਜਿਸ ਕਾਰਨ ਜਲੰਧਰ ਵਿੱਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਅੰਮ੍ਰਿਤਸਰ ‘ਚ 6.5 ਡਿਗਰੀ, ਲੁਧਿਆਣਾ ‘ਚ 8.5, ਪਟਿਆਲਾ ‘ਚ 8.7, ਪਠਾਨਕੋਟ ‘ਚ 8.7, ਬਠਿੰਡਾ ‘ਚ 8.6, ਫਰੀਦਕੋਟ ‘ਚ 6.0 ਡਿਗਰੀ, ਮੋਗਾ ‘ਚ 5.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: