ਅਖਿਲ ਭਾਰਤੀ ਹਿੰਦੂ ਮਹਾਸਭਾ ਵਲੋਂ ਮਥੁਰਾ ‘ਚ ਅੱਜ ਯਾਨੀ ਮੰਗਲਵਾਰ ਨੂੰ ਸ਼ਾਹੀ ਈਦਗਾਹ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਜ਼ਿਲ੍ਹੇ ਦਾ ਪੁਲਿਸ-ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਇਸ ਦੇ ਨਾਲ ਹੀ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਮਸਜਿਦ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਦਰਅਸਲ, ਅਖਿਲ ਭਾਰਤ ਹਿੰਦੂ ਮਹਾਸਭਾ ਦੇ ਇਕ ਨੇਤਾ ਨੇ ਸੋਮਵਾਰ ਨੂੰ ਜ਼ਿਲਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ ਉਨ੍ਹਾਂ ਨੂੰ 6 ਦਸੰਬਰ ਨੂੰ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਕੰਪਲੈਕਸ ਸਥਿਤ ਸ਼ਾਹੀ ਈਦਗਾਹ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਆਤਮਦਾਹ ਕਰ ਲਵੇਗਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਸਬੰਧੀ ਐਸ.ਪੀ.(ਸਿਟੀ) ਮਾਰਤੰਡ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਹਿੰਦੂ ਮਹਾਸਭਾ ਅਤੇ ਇਸ ਦੀ ਹਮਾਇਤ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਈਦਗਾਹ ਵਿਖੇ ਹਨੂੰਮਾਨ ਚਾਲੀਸਾ ਦੇ ਪਾਠ ਦੇ ਐਲਾਨ ਦੇ ਮੱਦੇਨਜ਼ਰ ਸ੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਮਸਜਿਦ ਦੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਪੁਲਿਸ ਫੋਰਸ ਨੇ ਇਸ ਇਲਾਕੇ ‘ਚ ਪੈਦਲ ਮਾਰਚ ਵੀ ਕੀਤਾ। ਹਿੰਦੂ ਮਹਾਸਭਾ ਦੇ ਰਾਸ਼ਟਰੀ ਖਜ਼ਾਨਚੀ ਦਿਨੇਸ਼ ਸ਼ਰਮਾ ਨੇ ਕਿਹਾ ਕਿ ਜੇ ਮੈਨੂੰ ਮੰਗਲਵਾਰ ਨੂੰ ਤੈਅ ਸਮੇਂ ਮੁਤਾਬਕ ਅਭਿਜੀਤ ਮੁਹੂਰਤ ‘ਚ ਈਦਗਾਹ ‘ਚ ਭਗਵਾਨ ਦੇ ਜਨਮ ਸਥਾਨ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਤਾਂ ਮੈਂ ਆਤਮਦਾਹ ਕਰ ਲਵਾਂਗਾ।’
ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਉਠਾਉਂਦੇ ਹੋਏ ਦਿਨੇਸ਼ ਸ਼ਰਮਾ ਨੇ ਕਿਹਾ ਕਿ ਜੇ ਅਸੀਂ ਭਗਵਾਨ ਕ੍ਰਿਸ਼ਨ ਦੀ ਉਨ੍ਹਾਂ ਦੀ ਜਨਮ ਭੂਮੀ ‘ਤੇ ਪੂਜਾ ਨਹੀਂ ਕਰਾਂਗੇ ਤਾਂ ਕਿੱਥੇ ਕਰਾਂਗੇ, ਇਹ ਜ਼ਿਲ੍ਹਾ ਪ੍ਰਸ਼ਾਸਨ ਸਾਨੂੰ ਦੱਸੇ। ਸ਼ਰਮਾ ਨੇ ਇਕ ਬਿਆਨ ਜਾਰੀ ਕਰਕੇ ਦੋਸ਼ ਲਗਾਇਆ ਕਿ 6 ਦਸੰਬਰ ਨੂੰ ਮਹਾਸਭਾ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਦੇਸ਼-ਵਿਦੇਸ਼ ਤੋਂ ਸਨਾਤਨ ਧਰਮ ਵਾਲੇ ਮਥੁਰਾ ਪਹੁੰਚ ਰਹੇ ਹਨ, ਜਿਨ੍ਹਾਂ ਨੂੰ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨਾਂ ‘ਤੇ ਰੋਕਿਆ ਜਾ ਰਿਹਾ ਹੈ ਅਤੇ ਜਿਨ੍ਹਾਂ ਨੂੰ ਕਿਸੇ ਤਰ੍ਹਾਂ ਇੱਥੇ ਪਹੁੰਚਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਜਨਮ ਭੂਮੀ ਦੇ ਆਲੇ-ਦੁਆਲੇ ਦੇ ਹੋਟਲਾਂ ਵਿੱਚ ਰੁਕਣ ਨਹੀਂ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗ੍ਰਿਫਤਾਰੀ ਦੀਆਂ ਖ਼ਬਰਾਂ ਵਿਚਾਲੇ ਗੋਲਡੀ ਬਰਾੜ ਦਾ ਵੱਡਾ ਦਾਅਵਾ, ‘ਨਾ ਮੈਂ ਫੜਿਆ ਗਿਆ, ਨਾ ਮੈਂ US ‘ਚ’
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪ੍ਰਸ਼ਾਸਨ ਦੀ ਇਹ ਦਮਨਕਾਰੀ ਨੀਤੀ ਹੈ, ਸਾਡੇ ਕਈ ਵਰਕਰਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ, ਪਰ ਫਿਰ ਵੀ ਸੈਂਕੜੇ ਵਰਕਰ ਤੇ ਅਹੁਦੇਦਾਰ ਮੰਗਲਵਾਰ ਨੂੰ ਵੱਡੀ ਗਿਣਤੀ ‘ਚ ਮਥੁਰਾ ਪੁੱਜਣਗੇ। ਦੂਜੇ ਪਾਸੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸ਼ੈਲੇਸ਼ ਪਾਂਡੇ ਨੇ ਕਿਹਾ ਕਿ ਜ਼ਿਲ੍ਹੇ ਦੀ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵਿਅਕਤੀ ਵਿਸ਼ੇਸ਼ ਜਾਂ ਸੰਸਥਾ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਾਂਡੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਨਾਹੀ ਦੇ ਹੁਕਮ ਪਹਿਲਾਂ ਹੀ ਲਾਗੂ ਹੋ ਚੁੱਕੇ ਹਨ, ਜਿਸ ਕਾਰਨ ਕਿਸੇ ਵੀ ਨਵੀਂ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਜਿਸ ਸਬੰਧੀ ਸਰਕਾਰ ਵੱਲੋਂ ਪਹਿਲਾਂ ਇਜਾਜ਼ਤ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: