ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ SGPC ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। SGPC ਨੇ ਇਸ ਪੰਦਰਵਾੜੇ ਦੌਰਾਨ ਲੰਗਰਾਂ ਵਿੱਚ ਮਿੱਠੇ ਪਕਵਾਨ ਬਣਾਉਣ ਤੇ ਕਿਸੇ ਨੂੰ ਵੀ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ । ਇਹ ਫੈਸਲਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਵਿੱਚ ਲਿਆ ਗਿਆ ਹੈ ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਭਾਵਨਾ ਦੇ ਅਨੁਕੂਲ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗੁਰੂ ਘਰਾਂ ਵਿੱਚ ਸ਼ਾਮ ਨੂੰ 4 ਤੋਂ 6 ਵਜੇ ਦਰਮਿਆਨ ਹੈੱਡ ਗ੍ਰੰਥੀ ਗੁਰਦੁਆਰਾ ਸਟਾਫ਼ ਸਮੇਤ ਗੁਰਬਾਣੀ ਜਾਪ ਵੀ ਕਰਨਗੇ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਹਰ ਗੁਰਦੁਆਰਾ ਸਾਹਿਬ ਅੰਦਰ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਲੜਕੀਆਂ ਸਾਹਮਣੇ ਨਵੀਂ ਮੁਸੀਬਤ, ਸਕੂਲ ਜਾਏ ਬਿਨਾਂ ਪ੍ਰੀਖਿਆ ਦੇਣ ਦਾ ਦਿੱਤਾ ਫਰਮਾਨ
ਇਸ ਤੋਂ ਅੱਗੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਛਾਪਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਨਾਂ ਦੀ ਸਚਿੱਤਰ ਪੁਸਤਕ ਪੰਜਾਬੀ ਤੇ ਅੰਗਰੇਜ਼ੀ ਵਿੱਚ ਲੰਮੇ ਸਮੇਂ ਤੋਂ ਛਾਪੀ ਜਾ ਰਹੀ ਹੈ, ਜਿਸ ਨੂੰ ਹੁਣ ਬੰਗਾਲੀ, ਮਰਾਠੀ, ਗੁਜਰਾਤੀ, ਕੰਨੜ, ਤੇਲਗੂ, ਮਲਿਆਲਮ, ਹਿੰਦੀ, ਤਾਮਿਲ ਤੇ ਉਰਦੂ ਵਿੱਚ ਵੀ ਜਾਰੀ ਕੀਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: