ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ 23 ਦਸੰਬਰ 2022 ਨੂੰ ਚਾਰ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ਵਿੱਚ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਸ਼ਵ ਭਰ ਦੇ ਪੰਜਾਬ ਵਾਸੀ ਖਾਸ ਕਰਕੇ ਸਿੱਖ ਸੰਗਤ 20 ਦਸੰਬਰ ਤੋਂ 28 ਦਸੰਬਰ ਤੱਕ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਹਫ਼ਤਾ ਦੇ ਰੂਪ ਵਿਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਿਜਦਾ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਸਾਰੇ ਸਕੂਲਾਂ ਵਿੱਚ ਪਹਿਲੀ ਵਾਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਸਵੇਰੇ 9 ਵਜੇ ਤੋਂ 9:20 ਵਜੇ ਤੱਕ ਸਵੇਰ ਦੀ ਸਭਾ ਤੋਂ ਬਾਅਦ ਸ਼ਹੀਦੀ ਹਫ਼ਤੇ ਨਾਲ ਸਬੰਧਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ ਕਰਵਾਏ ਜਾਣਗੇ।
ਇਹ ਵੀ ਪੜ੍ਹੋ:ਹਸਪਤਾਲ ‘ਚ ਮਰੀਜ਼ਾਂ ਨੂੰ ਪਰੋਸੇ ਗਏ ਖਾਣੇ ‘ਚ ਮਿਲੇ ਕੀੜੇ, ਜਾਂਚ ਦੇ ਹੁਕਮ ਜਾਰੀ
ਜਿਸ ਤੋਂ ਬਾਅਦ ਸਵੇਰੇ 10:20 ਤੋਂ 11:00 ਵਜੇ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹੀਦੀ ਅਤੇ ਪਰਿਵਾਰਿਕ ਵਿਛੋੜਾ ਨਾਲ ਸਬੰਧਤ ਭਾਸ਼ਣ/ਵਿਦਿਅਕ ਮੁਕਾਬਲੇ ਕਰਵਾਏ ਜਾਣਗੇ, ਜਦਕਿ ਸਵੇਰੇ 11:00 ਤੋਂ 11:30 ਵਜੇ ਤੱਕ ਸਕੂਲ ਮੁਖੀ/ ਸਟਾਫ/ਅਧਿਆਪਕ ਸ਼ਹੀਦੀ ਹਫ਼ਤੇ ਨਾਲ ਸਬੰਧਤ ਵਿਸ਼ੇਸ਼ ਵਿਦਿਅਕ ਪੇਸ਼ਕਾਰੀਆਂ ਦੇਣਗੇ।
ਮੰਤਰੀ ਬੈਂਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਮੁਖੀ ਆਪਣੇ ਪੱਧਰ ‘ਤੇ ਕੋਈ ਹੋਰ ਗਤੀਵਿਧੀ ਵੀ ਕਰਵਾ ਸਕਦੇ ਹਨ ਤਾਂ ਜੋ ਵਿਦਿਆਰਥੀ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰ ਸਕਣ। ਬੈਂਸ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ।
ਵੀਡੀਓ ਲਈ ਕਲਿੱਕ ਕਰੋ -: