ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰੀ ਦਖਲ ਨਾਲ ਬਣ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੀ ਚੋਣ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਸਿੱਖ ਭਾਈਚਾਰਾ ਕਿਸੇ ਵੀ ਸਰਕਾਰੀ ਕਮੇਟੀ ਨੂੰ ਸਵੀਕਾਰ ਨਹੀਂ ਕਰੇਗਾ ਤੇ ਇਸ ਦਾ ਵਿਰੋਧ ਕਰਦੇ ਰਹਿਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰ ਸ਼ਕਤੀਆਂ ਤੇ ਸਰਕਾਰ ਦੇ ਦਖਲ ਨਾਲ ਜ਼ਬਰਦਸਤੀ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੇ ਹਿੱਤ ਵਿਚ ਨਹੀਂ ਹੈ। ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਚਾਲ ਹੈ। ਸਿੱਖ ਭਾਈਚਾਰੇ ਵੱਲੋਂ ਪ੍ਰਗਟਾਏ ਗਏ ਖਦਸ਼ੇ ਅੱਜ ਸਰਕਾਰ ਵੱਲੋਂ ਆਪਣੇ ਅਧਿਕਾਰੀਆਂ ਦੀ ਚੋਣ ਨਾਲ ਸਪੱਸ਼ਟ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ-ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ, ਸਗੋਂ ਇਹ ਸਰਕਾਰ ਦੇ ਸਿੱਧੇ ਦਖ਼ਲ ਹੇਠ ਬਣਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੌਮੀ ਕਾਰਜ ਸਰਕਾਰੀ ਦਫ਼ਤਰਾਂ ’ਚ ਨਹੀਂ ਸਗੋਂ ਇਹ ਪੰਥਕ ਰਵਾਇਤਾਂ ਅਨੁਸਾਰ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਕੀਤੇ ਜਾਂਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਆਖਿਆ ਸੀ ਕਿ ਹਰਿਆਣਾ ਗੁਰਦੁਆਰਾ ਕਮੇਟੀ ਆਰ.ਐਸ.ਐਸ. ਦੇ ਇਸ਼ਾਰੇ ਉੱਤੇ ਕਾਇਮ ਕੀਤੀ ਜਾ ਰਹੀ ਹੈ ਜਿਸਦੀ ਅੱਜ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਦੀ ਭਾਜਪਾ ਸਰਕਾਰ ਸਿੱਖ ਮਸਲਿਆਂ ਨੂੰ ਸਿੱਧਾ ਆਪਣੇ ਹੱਥ ਵਿੱਚ ਲੈ ਕੇ ਆਪਣੀ ਮਨਸ਼ਾ ਅਨੁਸਾਰ ਚਲਾਉਣਾ ਚਾਹੁੰਦੀ ਹੈ, ਪਰੰਤੂ ਸਿੱਖ ਕੌਮ ਦਾ ਇਹ ਇਤਿਹਾਸ ਹੈ ਕਿ ਇਸ ਨੇ ਕਦੇ ਵੀ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ।
ਇਹ ਵੀ ਪੜ੍ਹੋ : ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਅਹਿਮ ਫੈਸਲਾ-’25 ਦਸੰਬਰ ਤੋਂ 1 ਜਨਵਰੀ ਤੱਕ ਛੁੱਟੀਆਂ ਦਾ ਐਲਾਨ’
ਐਸਜੀਪੀਸੀ ਪ੍ਰਧਾਨ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਰਐਸਐਸ ਅਤੇ ਇਸ ਦੇ ਸਿਆਸੀ ਵਿੰਗ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਦੀਆਂ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦੀਆਂ ਕੋਝੀਆਂ ਚਾਲਾਂ ਨੂੰ ਸਮਝਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖ ਆਗੂਆਂ ਨੂੰ ਸਿੱਖ ਸੰਸਥਾਵਾਂ ਦੀ ਸੁਰੱਖਿਆ ਲਈ ਉਹੀ ਏਕਤਾ ਦਿਖਾਉਣੀ ਚਾਹੀਦੀ ਹੈ ਜੋ ਵੱਡੀਆਂ ਕੁਰਬਾਨੀਆਂ ਨਾਲ ਸਥਾਪਿਤ ਹਨ, ਜਿਸ ਤਰ੍ਹਾਂ ਜਗਦੀਸ਼ ਸਿੰਘ ਝੀਂਡਾ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਜੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆ ਕੇ ਇਸ ਮੁੱਦੇ ਨੂੰ ਵਿਚਾਰ-ਵਟਾਂਦਰੇ ਨਾਲ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਉਹ ਖੁਦ ਹਰਿਆਣਾ ਦੇ ਸਿੱਖਾਂ ਦਾ ਬਹੁਤ ਸਤਿਕਾਰ ਕਰਦੇ ਹਨ ਜੋ ਹਮੇਸ਼ਾ ਕਾਇਮ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: