ਇਸ ਵੇਲੇ ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ, ਉਥੇ ਹੀ ਜਲੰਧਰ ਦੇ ਲਤੀਫਪੁਰਾ ਵਿੱਚ ਬੇਘਰ ਹੋਏ ਲੋਕ ਬਰਫੀਲੀਆਂ ਰਾਤਾਂ ਵਿੱਚ ਬਿਨਾਂ ਛੱਤ ਦੇ ਰਾਤਾਂ ਬਿਤਾਉਣ ਲਈ ਮਜਬੂਰ ਹੋਏ ਪਏ ਹਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨ੍ਹਾਂ ਬੇਘਰ ਹੋਏ ਲੋਕਾਂ ਦੇ ਮੁੜ ਵਸੇਬੇ ਦੀ ਮੰਗ ਕੀਤੀ।
ਸੋਮ ਪ੍ਰਕਾਸ਼ ਨੇ ਚਿੱਠੀ ਵਿੱਚ ਕਿਹਾ ਕਿ ਪਿੰਡ ਲਤੀਫਪੁਰਾ ਵਿੱਚ ਪ੍ਰਸ਼ਾਸਨ ਵੱਲੋਂ ਢਾਹੁਣ ਦੀ ਮੁਹਿੰਮ ਨੇ ਕਈ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਢਾਹੁਣ ਦੀ ਮੁਹਿੰਮ ਵਿਗੜੇ ਮੌਸਮ ਦੌਰਾਨ ਅਤੇ ਸਹੀ ਹੱਦਬੰਦੀ ਤੋਂ ਬਿਨਾਂ ਚਲਾਈ ਗਈ ਸੀ। ਬੁੱਢੇ, ਬੱਚੇ ਅਤੇ ਔਰਤਾਂ ਜਮਾਉਣ ਵਾਲੀਆਂ ਠੰਢ ਦੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸੌਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਸਥਾਨ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮੁੜ ਵਸੇਬੇ ਅਤੇ ਢੁਕਵੇਂ ਮੁਆਵਜ਼ੇ ਦੀ ਲੋੜ ਹੈ।
ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਘੋਖ ਕਰਨ ਅਤੇ ਲਤੀਫਪੁਰਾ ਦੇ ਪ੍ਰਭਾਵਿਤ ਪਰਿਵਾਰਾਂ ਦੇ ਤੁਰੰਤ ਮੁੜ ਵਸੇਬੇ ਲਈ ਲੋੜੀਂਦੀ ਕਾਰਵਾਈ ਕਰਨ ਲਈ ਕਹਿਣ।
ਜ਼ਿਕਰਯੋਗ ਹੈ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਨੇ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਜਲੰਧਰ ਪਹੁੰਚੀ ਸੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਸੀ ਜਿਸ ਤੋਂ ਬਾਅਦ ਇਹ ਲੋਕ ਸੜਕਾਂ ‘ਤੇ ਆ ਗਏ ਸਨ। ਇਸ ਕੜਾਕੇ ਦੀ ਠੰਢ ਵਿੱਚ ਉਹ ਖੁੱਲ੍ਹੇ ਅਸਮਾਨ ਹੇਠ ਸੌਂ ਰਹੇ ਹਨ, ਉਨ੍ਹਾਂ ਕੋਲ ਖਾਣਾ ਨਹੀਂ ਹੈ, ਬੱਚੇ ਆਪਣੇ ਸਕੂਲ ਨਹੀਂ ਜਾ ਸਕਦੇ ਅਤੇ ਬਜ਼ੁਰਗ ਦੁਖੀ ਹਨ।