ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਇੱਕ ਵਾਰ ਫਿਰ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਦਿੱਲੀ ਵਿਖੇ ਮੀਟਿੰਗ ਲਈ ਬੁਲਾਇਆ ਹੈ। ਦੋਹਾਂ CM ਵਿਚਾਲੇ ਇਹ ਮੀਟਿੰਗ ਬੁੱਧਵਾਰ ਦੁਪਹਿਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਇਸ ਮੁੱਦੇ ਨੂੰ ਸੁਲਝਾਉਣ ਦੇ ਲਈ ਗੱਲਬਾਤ ਕੀਤੀ ਜਾਵੇਗੀ।
ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਸੀ ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ SYL ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ
ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ਵਿੱਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ।
ਦੱਸ ਦੇਈਏ ਕਿ ਸਤਲੁਜ ਯਮੁਨਾ ਲਿੰਕ ਨੂੰ ਲੈ ਕੇ ਦੋਹਾਂ ਸੂਬਿਆਂ ਵਿਚਾਲੇ ਸੁਪਰੀਮ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਹਾ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬਿਠਾ ਕੇ ਮਸਲਾ ਸੁਲਝਾਉਣ ਨੂੰ ਕਿਹਾ ਸੀ, ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਾਲੇ ਬੈਠਕ ਹੋਈ ਸੀ, ਪਰ ਇਹ ਬੈਠਕ ਬੇਨਤੀਜਾ ਰਹੀ ਸੀ। ਇਸ ਮਾਮਲੇ ਦੀ 19 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਆਪਣੇ ਵੱਲੋਂ ਰਿਪੋਰਟ ਦਾਖਲ ਕਰਨੀ ਹੈ।
ਵੀਡੀਓ ਲਈ ਕਲਿੱਕ ਕਰੋ -: