ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ‘ਤੇ ਬੰਦ ਉਡਾਣਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਅੱਜ ਸ਼ਨੀਵਾਰ ਨੂੰ CM ਮਾਨ ਨੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਾਲ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾਣ। ਇਸ ਹਵਾਈ ਅੱਡੇ ਤੋਂ ਜਲਦੀ ਤੋਂ ਜਲਦੀ ਉਡਾਣ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ।
ਜਾਣਕਾਰੀ ਅਨੁਸਾਰ ਅੱਜ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਹੋਈ ਜਿਸ ਵਿਚ CM ਮਾਨ ਨੇ ਕਿਹਾ ਕਿ ਉਡਾਣਾਂ ਬੰਦ ਹੋਣ ਕਾਰਨ ਪ੍ਰਵਾਸੀ ਭਾਰਤੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੂਜੇ ਦੇਸ਼ਾਂ ਨਾਲ ਸਿੱਧੇ ਸੰਪਰਕ ਦੀ ਸਹੂਲਤ ਮਿਲੇਗੀ। ਇਸ ਹਵਾਈ ਅੱਡੇ ਨਾਲ ਜਿੱਥੇ ਪ੍ਰਵਾਸੀ ਭਾਰਤੀਆਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ, ਉੱਥੇ ਹੀ ਜਲੰਧਰ ਸ਼ਹਿਰ ਦਾ ਆਰਥਿਕ ਵਿਕਾਸ ਵੀ ਹੋਵੇਗਾ।
ਇਹ ਵੀ ਪੜ੍ਹੋ : 27 ਜਨਵਰੀ ਨੂੰ 500 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ : CM ਮਾਨ
ਇਸ ਦੇ ਨਾਲ ਹੀ ਮੁਖ ਮੰਤਰੀ ਮਾਨ ਨੇ ਹਲਵਾਰਾ ਹਵਾਈ ਅੱਡੇ ਦੇ ਸਿਵਲ ਟਰਮੀਨਲ ਦੀ ਉਸਾਰੀ ਦਾ ਕੰਮ 3 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਸਿਵਲ ਏਅਰ ਟਰਮੀਨਲ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਦੌਰਾਨ ਮਾਨ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: