ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਲੋਕਾਂ ਦੇ ਸ਼ੱਕੀ ਟਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਤੋੜਨਾ ਸੀ।
ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਘੱਟੋ-ਘੱਟ 200 ਟੀਮਾਂ ਵੱਲੋਂ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਸੂਬੇ ਭਰ ਵਿੱਚ ਲਗਭਗ 2000 ਪੁਲਿਸ ਮੁਲਾਜ਼ਮ ਸ਼ਾਮਲ ਸਨ। ਬਿਸ਼ਨੋਈ ਅਤੇ ਗੋਲਡੀ ਬਰਾੜ ਵੱਲੋਂ ਹਾਲ ਹੀ ਵਿੱਚ ਫੜੇ ਗਏ ਮਾਡਿਊਲ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਸੀਏਐਸਓ ਦੀ ਯੋਜਨਾ ਬਣਾਈ ਗਈ ਸੀ।
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਾਨੂੰਨ ਅਤੇ ਵਿਵਸਥਾ ਦੇ ਵਧੀਕ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅਗਲੇਰੀ ਜਾਂਚ ਲਈ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਮੂਲ ਮਗਰੋਂ ਵੇਰਕਾ ਨੇ ਵੀ ਵਧਾਏ ਦੁੱਧ ਦੇ ਰੇਟ, ਪੰਜਾਬੀਆਂ ਨੂੰ ਇੱਕ ਦਿਨ ‘ਚ ਦੂਜਾ ਮਹਿੰਗਾਈ ਦਾ ਝਟਕਾ
ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਲੋਕਾਂ ਤੋਂ ਅਸਲਾ ਲੈਣ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਲੈਣ-ਦੇਣ ਅਤੇ ਹੋਰ ਜਾਂਚ ਲਈ ਜਾਇਦਾਦ ਦੇ ਵੇਰਵੇ ਇਕੱਠੇ ਕਰਨ ਬਾਰੇ ਵੀ ਪੁੱਛਗਿੱਛ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: