ਉੱਤਰੀ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ। ਮੰਗਲਵਾਰ ਨੂੰ ਇੱਥੇ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਡੂੰਘੀ ਖੱਡ ‘ਚ ਡਿੱਗਣ ਨਾਲ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਭਿਆਨਕ ਸੜਕ ਹਾਦਸੇ ‘ਚ 15 ਲੋਕ ਜ਼ਖਮੀ ਹੋ ਗਏ ਹਨ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਇਹ ਦੂਜਾ ਅਜਿਹਾ ਭਿਆਨਕ ਹਾਦਸਾ ਹੈ।
ਰਿਪੋਰਟ ਮੁਤਾਬਕ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦੀਆਮੀਰ ਇਲਾਕੇ ਵਿਚ ਸ਼ਤਿਆਲ ਚੌਕ ਨੇੜੇ ਵਾਪਰਿਆ। ਸਥਾਨਕ ਪੁਲਿਸ ਮੁਤਾਬਕ ਬੱਸ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਸੀ। ਉਦੋਂ ਸ਼ਤਿਆਲ ਖੇਤਰ ਤੋਂ ਉਲਟ ਦਿਸ਼ਾ ਤੋਂ ਆ ਰਹੀ ਇੱਕ ਕਾਰ ਨਾਲ ਉਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਤੋਂ ਬਾਅਦ ਦੋਵੇਂ ਗੱਡੀਆਂ ਡੂੰਘੀ ਖੱਡ ਵਿੱਚ ਜਾ ਡਿੱਗੀਆਂ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਅਤੇ ਲਾਸ਼ਾਂ ਨੂੰ ਆਰ.ਐੱਚ.ਸੀ. ਹਸਪਤਾਲ ਪਹੁੰਚਾਇਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ‘ਚ ਬਚਾਅ ਕਰਮਚਾਰੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸਰਕਾਰੀ ਰੇਡੀਓ ਪਾਕਿਸਤਾਨ ਮੁਤਾਬਕ ਪ੍ਰਧਾਨ ਮੰਤਰੀ ਸ਼ਰੀਫ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮ੍ਰਿਤਕਾਂ ਦੀਆਂ ਆਤਮਾਵਾਂ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਇਸ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ।
ਇਹ ਵੀ ਪੜ੍ਹੋ : ਤੁਰਕੀ-ਸੀਰੀਆ ਮਗਰੋਂ ਹੁਣ ਕੰਬੀ ਫਿਲਸਤੀਨ ਦੀ ਧਰਤੀ, ਯਰੂਸ਼ਲਮ ‘ਚ ਭੂਚਾਲ ਦੇ ਝਟਕੇ, ਸਹਿਮੇ ਲੋਕ
ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਕੋਹਾਟ ਜ਼ਿਲੇ ‘ਚ ਇਕ ਸੁਰੰਗ ਨੇੜੇ ਇਕ ਬੱਸ ਅਤੇ ਤੇਜ਼ ਰਫਤਾਰ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ‘ਚ 17 ਲੋਕਾਂ ਦੀ ਮੌਤ ਹੋ ਗਈ ਸੀ। ਦੂਜੇ ਪਾਸੇ 29 ਜਨਵਰੀ ਨੂੰ ਦੱਖਣੀ ਪਾਕਿਸਤਾਨ ਵਿੱਚ ਇੱਕ ਹੋਰ ਭਿਆਨਕ ਹਾਦਸਾ ਵਾਪਰਿਆ ਸੀ, ਜਿੱਥੇ ਇੱਕ ਬੱਸ ਖੰਭੇ ਨਾਲ ਟਕਰਾ ਕੇ ਪੁਲ ਤੋਂ ਹੇਠਾਂ ਡਿੱਗ ਗਈ, ਜਿਸ ਵਿੱਚ 40 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਵਿੱਚ ਮਾੜੇ ਸੜਕੀ ਢਾਂਚੇ ਅਤੇ ਆਵਾਜਾਈ ਨਿਯਮਾਂ ਦੀ ਅਣਦੇਖੀ ਕਾਰਨ ਘਾਤਕ ਹਾਦਸੇ ਆਮ ਹਨ।
ਵੀਡੀਓ ਲਈ ਕਲਿੱਕ ਕਰੋ -: