ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਤੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਚ ਤਾਇਨਾਤ ਪਟਵਾਰੀ ਸੁਖਬੀਰ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਤੇ ਹਰਚਰਨ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਇਕ ਅਦਾਲਤੀ ਮੁਕੱਦਮੇ ਵਿਚ ਸਹਾਇਤਾ ਕਰਨ ਦੇ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਸੌਦਾ 7500 ਰੁਪਏ ਵਿਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਤੋਂ ਹੀ 1500 ਰੁਪਏ ਲੈ ਚੁੱਕਾ ਹੈ ਤੇ ਬਾਕੀ ਦੇ 6000 ਰੁਪਏ ਮੰਗ ਰਿਹਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਰੇਲ-ਸ਼ਿਪ-ਰੇਲ ਦਾ ਕੀਤਾ ਵਿਰੋਧ, ਕਿਹਾ-‘ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕੇਂਦਰ ਨੇ ਬਦਲਿਆ ਰੂਟ’
ਸ਼ਿਕਾਇਤ ਦੀ ਜਾਂਚ ਦੇ ਬਾਅਦ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6000 ਰੁਪਏ ਲੈਂਦੇ ਹੋਏ ਕਾਬੂ ਕਰ ਲਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: