ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਜੇ ਪਾਲ ਵਾਸੀ ਪਿੰਡ ਭਰਥਲਾ ਮੰਡੇਰ ਮਾਲੇਰਕੋਟਲਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਨੇ ਮੁਲਜ਼ਮ ਕਾਨੂੰਗੋ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਪੀੜਤ ਨੇ ਦੋਸ਼ ਲਾਇਆ ਕਿ ਉਕਤ ਕਾਨੂੰਗੋ ਨੈਸ਼ਨਲ ਹਾਈਵੇਅ ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਸਬੰਧੀ ਫਾਈਲ ਪਾਸ ਕਰਨ ਦੇ ਬਦਲੇ ਉਸ ਤੋਂ ਦੋ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾਇਆ। ਇਸ ਦੇ ਨਾਲ ਹੀ ਉਕਤ ਕਾਨੂੰਨਗੋ ਨੂੰ ਮੌਕੇ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਹ ਸਾਰੀ ਕਾਰਵਾਈ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੋਈ ਹੈ।
ਇਹ ਵੀ ਪੜ੍ਹੋ : ਤੀਕਸ਼ਣ ਸੂਦ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਪੈਨਸ਼ਨ ਵਸੂਲੀ ਨੋਟਿਸ ‘ਤੇ ਲਾਈ ਰੋਕ
ਦੱਸ ਦੇਈਏ ਕਿ ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਵਿੱਚ ਵੀ ਸਾਹਮਣੇ ਆਇਆ ਸੀ। ਉਥੇ ਹੀ ਵਿਜੀਲੈਂਸ ਨੇ ਮਾਲ ਵਿਭਾਗ ਦੇ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: