ਪੰਜਾਬ ਸਰਕਾਰ ਨੇ ਸੂਬੇ ਵਿਚ ਪਿਛਲੇ ਸਾਲ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਅੰਤਰਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਰਿਪੋਰਟ ਵਿਚ ਦੋਸ਼ੀ ਅਫਸਰਾਂ ‘ਤੇ ਕਾਰਵਾਈ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿਚ ਗ੍ਰਹਿ ਮੰਤਰਾਲੇ ਨੂੰ ਦੱਸ ਦਿੱਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ ਜਿਸ ਦੇ ਆਧਾਰ ‘ਤੇ ਅੱਗੇ ਕਾਰਵਾਈ ਲਈ ਸੂਬਾ ਸਰਕਾਰ ਨੇ ਅਫਸਰਾਂ ਦੀ ਇਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਹੈ, ਜੋ ਦੋਸ਼ੀ ਠਹਿਰਾਏ ਗਏ ਪੰਜਾਬ ਦੇ 9 ਅਫਸਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇਗੀ।
ਇਸ ਕਮੇਟੀ ਨੂੰ ਇਹ ਅਧਿਕਾਰ ਹੋਵੇਗਾ ਕਿ ਉਹ ਦੋਸ਼ੀ ਠਹਿਰਾਏ ਅਫਸਰਾਂ ਨੂੰ ਤਲਬ ਕਰ ਸਕਦੀ ਹੈ। ਦੋਸ਼ੀ ਅਫਸਰਾਂ ਦੇ ਜਵਾਬ ਦੇ ਬਾਅਦ ਨਿਯਮਾਂ ਅਨੁਸਾਰ ਉਨ੍ਹਾਂ ‘ਤੇ ਕਾਰਵਾਈ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਵਿਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ।
ਪਿਛਲੇ ਸਾਲ ਜਨਵਰੀ ਵਿਚ ਫਿਰੋਜ਼ਪੁਰ ਦੌਰੇ ਸਮੇਂ ਖਰਾਬ ਮੌਸਮ ਤੇ ਕਿਸਾਨ ਅੰਦੋਲਨ ਦੇ ਚੱਲਦੇ ਪ੍ਰਧਾਨ ਮੰਤਰੀ ਦਾ ਕਾਫਲਾ ਲਗਭਗ 20 ਮਿੰਟ ਤੱਕ ਹਾਈਵੇ ‘ਤੇ ਫਸਿਆ ਰਿਹਾ ਸੀ। ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਵੱਡੀ ਚੂਕ ਮੰਨਦੇ ਹੋਏ ਸੁਪਰੀਮ ਕੋਰਟ ਨੇ ਸਾਰੇ ਪਹਿਲੂਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਇਸ ਮਾਮਲੇ ਵਿਚ ਪੰਜਾਬ ਦੇ ਤਤਕਾਲੀਨ ਮੁੱਖ ਸਕੱਤਰ ਤੇ ਡੀਜੀਪੀ ਸਣੇ 9 ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ।
ਮੁੱਖ ਸਕੱਤਰ ਮੁਤਾਬਕ ਸੁਪਰੀਮ ਕੋਰਟ ਦੀ ਕਮੇਟੀ ਨੇ ਪੰਜਾਬ ਵਿਚ ਘਟਨਾ ਥਾਂ ਦਾ ਦੌਰਾ ਕਰਕੇ ਜਾਂਚ ਰਿਪੋਰਟ ਤਿਆਰ ਕੀਤੀ ਸੀ। ਇਸ ਦੌਰਾਨ ਕਮੇਟੀ ਨੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਸੀ। ਇਸ ਦੇ ਆਧਾਰ ‘ਤੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: