ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੇ ਤਿਆਰੀ ਵਿੱਢ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਇਹ 31 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਖਰੀਦ ਦੇ ਪਹਿਲੇ ਦਿਨ 1 ਅਪ੍ਰੈਲ ਤੋਂ ਯਕੀਨੀ ਬਣਾਈ ਜਾਵੇ। ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਆਰਬੀਆਈ ਨੇ ਕਣਕ ਦੀ ਖਰੀਦ ਲਈ 29ਹਜ਼ਾਰ ਕਰੋੜ ਦੀ ਸੀਸੀਐੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਣਕ ਦੀ ਖਰੀਦ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ CCL ਨੂੰ ਸਮੇਂ ਸਿਰ ਜਾਰੀ ਕਰਨ ਲਈ ਕੇਂਦਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਫਾਇਦੇਮੰਦ ਸਾਬਤ ਹੋਵੇਗਾ। ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਇਸ ਦਰਮਿਆਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ 31 ਮਈ ਤੱਕ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: