ਚੰਡੀਗੜ੍ਹ : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਜਲ ਸਰੋਤ ਵਿਭਾਗ ਨੇ ਕਪਾਹ ਦੇ ਕਿਸਾਨਾਂ ਨੂੰ ਅਪ੍ਰੈਲ ਮਹੀਨੇ ਵਿੱਚ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਇਹ ਗੱਲ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਲ ਸਰੋਤ ਅਤੇ ਖੇਤੀਬਾੜੀ ਵਿਭਾਗਾਂ ਨੇ ਸਾਂਝੇ ਤੌਰ ‘ਤੇ 15 ਅਪ੍ਰੈਲ ਤੋਂ ਦੱਖਣੀ ਮਾਲਵੇ ਦੀ ਕਪਾਹ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਉਤਸ਼ਾਹਿਤ ਕਰ ਰਹੀ ਹੈ। ਕਿਸਾਨਾਂ ਵੱਲੋਂ ਇਹ ਦਲੀਲ ਰੱਖੀ ਗਈ ਸੀ ਕਿ ਜੇਕਰ ਅਪ੍ਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਂਦਾ ਹੈ ਤਾਂ ਇਹ ਨਰਮੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਇਸ ਸਾਲ ਕਿਸਾਨਾਂ ਦੀ ਮੰਗ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਅਤੇ ਜਲ ਸਰੋਤ ਵਿਭਾਗ ਬਿਹਤਰ ਤਾਲਮੇਲ ਲਈ ਲਗਾਤਾਰ ਮੀਟਿੰਗਾਂ ਕਰਨਗੇ। ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਟੋਲ-ਫ੍ਰੀ ਨੰਬਰ 1100 ‘ਤੇ ਕਾਲ ਕਰ ਸਕਦਾ ਹੈ। ਮੀਟਿੰਗ ਦੌਰਾਨ ਜੰਜੂਆ ਨੇ ਨਹਿਰੀ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਿਭਾਗ ਨੂੰ ਚੌਕਸੀ ਵਧਾਉਣ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਹੈੱਡਕੁਆਰਟਰ ਵਿਖੇ ਏ.ਡੀ.ਜੀ.ਪੀ ਪੱਧਰ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾਵੇਗਾ ਅਤੇ ਕਪਾਹ ਪੱਟੀ ਵਾਲੇ ਜ਼ਿਲ੍ਹਿਆਂ ਵਿੱਚ ਇੱਕ ਐਸਪੀ ਰੈਂਕ ਦੇ ਅਧਿਕਾਰੀ ਨੂੰ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਵਿਦਿਆਰਥੀਆਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸੁਨਾਮ : ਦਰੱਖਤ ਨਾਲ ਟਕਰਾਈ ਕਾਰ, ਛੁੱਟੀ ‘ਤੇ ਆਏ ਨੌਜਵਾਨ ਫੌਜੀ ਦੀ ਮੌਕੇ ‘ਤੇ ਮੌ.ਤ
ਸਵੇਰ ਦੀ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਇਨ੍ਹਾਂ ਵਿਸ਼ਿਆਂ ’ਤੇ ਵਿਦਿਆਰਥੀਆਂ ਦੇ ਲੇਖ ਲਿਖਣ, ਪੇਂਟਿੰਗ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਵਚਨਬੱਧ ਹੈ।
ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਏਆਈਜੀ (ਪ੍ਰਸੋਨਲ) ਗੌਰਵ ਤੋਰਾ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: