ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰਹਿਣਗੀਆਂ। ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਨਿਯਮ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਣਗੇ, ਜਿਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ, ਜੋ ਕਿ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਬੰਦ ਰਹਿਣਗੇ।
ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ ‘ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਾਈ ਗਈ ਹੈ। ਸ਼ਨੀਵਾਰ ਨੂੰ ਭਾਜਪਾ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਸੀ.ਐੱਮ ਵਿਜੇ ਰੂਪਾਨੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਰੋਡ ਸ਼ੋਅ ਕੱਢਿਆ ਗਿਆ। ਭਾਜਪਾ ਨੇ ਰੋਡ ਸ਼ੋਅ ਰਾਹੀਂ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਕਾਂਗਰਸੀ MLA ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ, ਦਰਜ ਮੁਕੱਦਮੇ ‘ਚ ਜੁੜੀ ਗੈਰ-ਜ਼ਮਾਨਤੀ ਧਾਰਾ
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਰੋਡ ਸ਼ੋਅ ਵੀ ਕੱਢਿਆ। ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਵੋਟਾਂ ਮੰਗੀਆਂ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦਾ ਐਮ.ਪੀ. ਲੋਕ ਸਭਾ ਵਿੱਚ ਜਾਏਗਾ। ਅਗਲੇ ਸਾਲ ਜਦੋਂ ਉਹ ਚੰਗਾ ਕੰਮ ਕਰਕੇ ਦਿਖਾਉਣਗੇ ਤਾਂ ਪੰਜਾਬ ਵਿੱਚੋਂ 13 ਦੇ 13 ਸੰਸਦ ਮੈਂਬਰ ਲੋਕ ਸਭਾ ਵਿੱਚ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: