ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਦੀ ਕੜੀ ਵਿੱਚ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੀ.ਐੱਮ. ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਬਾਰੇ ਚਰਚਾ ਕੀਤੀ ਜਾਵੇਗੀ, ਨਾਲ ਹੀ ਇਸ ਸਬੰਧੀ ਹੋਰ ਜਾਣਕਾਰੀਆਂ ਵੀ ਜਲਦ ਦੇਣ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਸਰਕਾਰ ਤੁਹਾਡੇ ਦੁਆਰ’ ਦਾ ਕੜੀ ਦੀ ਸ਼ੁਰੂਆਤ 17 ਮਈ ਨੂੰ ਸਰਕਟ ਹਾਊਸ ਜਲੰਧਰ ਵਿਖੇ ਹੋਈ ਕੈਬਨਿਟ ਮੀਟਿੰਗ ਨਾਲ ਹੋਈ ਸੀ। ਇਸ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਦਿੱਤੀ। ਇਸ ਮੀਟਿੰਗ ਵਿੱਚ ਜਲੰਧਰ ਦੇ ਸਮੁੱਚੇ ਵਿਕਾਸ ਕਾਰਜਾਂ ਅਤੇ ਫੰਡਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ।
ਸੀ.ਐੱਮ. ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦੱਸਿਆ ਕਿ ਜਲੰਧਰ ਦੇ ਸੁੰਦਰੀਕਰਨ ਲਈ ਪਹਿਲੀ ਕਿਸ਼ਤ ਵਜੋਂ ਨਿਗਮ ਕਮਿਸ਼ਨਰ ਨੂੰ 95.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਆਬਕਾਰੀ ਵਿਭਾਗ ਵਿੱਚ 18 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਸਰਕਾਰੀ ਆਯੁਰਵੈਦਿਕ ਕਾਲਜ, ਸਰਕਾਰੀ ਆਯੁਰਵੈਦਿਕ ਹਸਪਤਾਲ ਅਤੇ ਪਟਿਆਲਾ ਦੀ ਸਰਕਾਰੀ ਆਯੁਰਵੈਦਿਕ ਫਾਰਮੇਸੀ ਨੂੰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵਿੱਚ ਮਿਲਾ ਦਿੱਤਾ ਗਿਆ।
ਇਹ ਵੀ ਪੜ੍ਹੋ : ਮਾਂ ਬੋਲੀ ‘ਚ ਪਿਛੜ ਰਹੇ ਪੰਜਾਬੀ: ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ‘ਚ 13 ਹਜ਼ਾਰ ਤੋਂ ਵੱਧ ਫੇਲ੍ਹ
ਮਾਲ ਪਟਵਾਰੀ ਦੀ ਸਿਖਲਾਈ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਮਿਆਦ ਨੂੰ ਮਾਲ ਪਟਵਾਰੀ ਦੇ ਪ੍ਰੋਬੇਸ਼ਨ ਪੀਰੀਅਡ ਵਿੱਚ ਗਿਣਨ ਦਾ ਵੀ ਫੈਸਲਾ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਸੇਵਾ ਪ੍ਰਦਾਤਾ ਵਜੋਂ 497 ਸਫਾਈ ਸੇਵਕਾਂ ਦੀ ਤਨਖਾਹ ਵੀ ਇਕਸਾਰ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: