ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ । 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ । ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ, ਵਿਜੀਲੈਂਸ ਨੇ 2,000 ਰੁਪਏ ਲੈਂਦਿਆਂ ਦਬੋਚਿਆ
ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਤਾਜ਼ਾ ਕਾਰਵਾਈ ਦੀ ਰਿਪੋਰਟ ਅਤੇ ਸਬੰਧਤ ਫਾਈਲਾਂ, ਕੇਸ ਡਾਇਰੀਆਂ ਅਤੇ ਹੋਰ ਕਾਰਵਾਈਆਂ ਸਮੇਤ ਸਾਰੇ ਸਬੰਧਤ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਹੈ। ਕਮਿਸ਼ਨ ਨੇ ਅੱਗੇ ਕਿਹਾ ਕਿ ਪਟੀਸ਼ਨਰ ਨੂੰ ਸੁਣਵਾਈ ਵਾਲੇ ਦਿਨ ਕਮਿਸ਼ਨ ਵਿੱਚ ਹਾਜ਼ਰ ਹੋਣ ਲਈ ਵੀ ਕਿਹਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: