ਮੂਨਕ (ਸੰਗਰੂਰ)/ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਵੀ ਮੀਂਹ ਪੈ ਰਿਹਾ ਹੈ ਤੇ ਜਲ ਸਰੋਤ ਵਿਭਾਗ ਲਗਾਤਾਰ ਵਧ ਰਹੇ ਜਲ ਭੰਡਾਰਾਂ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੈਬਨਿਟ ਮੰਤਰੀ ਨੇ ਅੱਜ ਮੂਨਕ ਵਿਖੇ ਮੌਸਮੀ ਘੱਗਰ ਦਰਿਆ ਦੇ ਕੰਢਿਆਂ ਦਾ ਕਈ ਥਾਵਾਂ ‘ਤੇ ਦੌਰਾ ਕਰਦਿਆਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰੀ ਦੇ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਡੀ.ਐਮ ਸੂਬਾ ਸਿੰਘ ਸਣਏ ਵਿਭਾਗ ਦੇ ਅਧਿਕਾਰੀਆਂ ਨੇ ਘੱਗਰ ਦੇ ਮੂਨਕ-ਟੋਹਾਣਾ ਪੁਲ ਅਤੇ ਮਕਰੌਰ ਸਾਹਿਬ ਦੇ ਬੈਂਕਾਂ ਦਾ ਦੌਰਾ ਕੀਤਾ।
ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਲ ਸਰੋਤ ਵਿਭਾਗ ਵੱਲੋਂ ਪੁਖਤਾ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਤੋਂ ਇਲਾਵਾ ਵਿਭਾਗ ਦੇ ਸਾਰੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਮੌਸਮੀ ਨਦੀਆਂ, ਸਹਾਇਕ ਨਦੀਆਂ ਅਤੇ ਨਹਿਰਾਂ ਵਿਚ ਪਾਣੀ ਦੇ ਪੱਧਰ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।
ਮੁੱਖ ਦਫ਼ਤਰ ਪੱਧਰ ‘ਤੇ ਪਹਿਲਾਂ ਹੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਸਾਰੇ ਫੀਲਡ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਅੱਪਡੇਟ ਕੀਤਾ ਜਾ ਰਿਹਾ ਹੈ ਅਤੇ ਪਾਣੀ ਛੱਡਣ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁਚੇਤ ਕਰਨ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹਾਂ ਦੀ ਰੋਕਥਾਮ ਦੇ ਕੰਮ ਕੀਤੇ ਜਾ ਚੁੱਕੇ ਹਨ ਅਤੇ ਵਿਭਾਗ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸੰਗਰੂਰ ਜ਼ਿਲ੍ਹੇ ਵਿੱਚ ਹੀ ਰੋਕਥਾਮ ਦੇ ਕੰਮਾਂ ’ਤੇ ਕਰੀਬ 5.5 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਜ਼ਮੀਨੀ ਪੱਧਰ ’ਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੀਂਹ ਕਾਰਨ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਰਹਿਣਗੇ ਬੰਦ, ਗ੍ਰਹਿ ਮੰਤਰੀ ਸ਼ਾਹ ਨੇ LG ਤੋਂ ਲਿਆ ਹਾਲਾਤ ਦਾ ਜਾਇਜ਼ਾ
ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓਜ਼ ਅਤੇ ਜੇ.ਈਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ ਦਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਹੈ। ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਲਗਾਤਾਰ ਸੰਪਰਕ ਰੱਖਣ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਸਕੇ।
ਵਿਭਾਗ ਦੇ ਅਮਲੇ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਖਾਲੀ ਸੀਮੈਂਟ ਦੀਆਂ ਬੋਰੀਆਂ ਨੂੰ ਤਿਆਰ ਰੱਖਣ ਵਰਗੇ ਫੌਰੀ ਉਪਾਅ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: