ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ ਨੂੰ ਬਰਬਾਦ ਕਰ ਦਿੱਤਾ ਹੈ। ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਅਤੇ ਖੇਤਾਂ ਤੱਕ ਪਾਣੀ ਨਜ਼ਰ ਆ ਰਿਹਾ ਹੈ। ਕਈ ਥਾਵਾਂ ‘ਤੇ ਰੇਲ ਪਟੜੀਆਂ ਵੀ ਪਾਣੀ ‘ਚ ਡੁੱਬ ਗਈਆਂ ਹਨ। ਉੱਤਰੀ ਰੇਲਵੇ ਨੂੰ 17 ਟਰੇਨਾਂ ਨੂੰ ਰੱਦ ਕਰਨਾ ਪਿਆ ਹੈ ਅਤੇ 12 ਨੂੰ ਡਾਇਵਰਟ ਕਰਨਾ ਪਿਆ ਹੈ।
ਪਾਣੀ ਭਰਨ ਕਾਰਨ ਰੇਲਵੇ ਨੇ ਪੰਜਾਬ ਵਿੱਚ ਸਰਹਿੰਦ-ਨੰਗਲ ਡੈਮ ਅਤੇ ਚੰਡੀਗੜ੍ਹ-ਸਾਹਨੇਵਾਲ ਸੈਕਸ਼ਨ ‘ਤੇ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ।
ਜੰਮੂ-ਤਵੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜਾਣ ਵਾਲੀਆਂ ਟਰੇਨਾਂ ਦੇ ਰੂਟ ਵੀ ਬਦਲ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਭੁੰਤਰ ਅਤੇ ਜੁਬਰਹੱਟੀ ਹਵਾਈ ਅੱਡਿਆਂ ‘ਤੇ ਹਵਾਈ ਜਾਂ ਹੈਲੀਟੈਕਸੀ ਦੁਆਰਾ ਇੱਕ ਵੀ ਉਡਾਣ ਨਹੀਂ ਹੋ ਸਕੀ। ਇਸ ਦੇ ਨਾਲ ਹੀ ਸੂਬੇ ਵਿੱਚ ਹਿਮਾਚਲ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ 800 ਬੱਸਾਂ ਦੇ ਰੂਟ ਵੀ ਠੱਪ ਰਹੇ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਹਿਮਾਚਲ ਪ੍ਰਦੇਸ਼ ‘ਚ ਸੋਮਵਾਰ ਨੂੰ ਵੀ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 15 ਜੁਲਾਈ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਯੂਪੀ ਅਤੇ ਪੂਰਬੀ ਰਾਜਸਥਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਅਗਲੇ 24 ਘੰਟਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਸਮੇਤ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ।