ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿਚ ਪਏ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲਾਤ ‘ਤੇ ਨਜ਼ਰ ਰੱਖੀ ਹੋਈ ਹੈ ਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿਚ ਚੱਲ ਰਹੇ ਰਾਹਤ ਕੰਮਾਂ ਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿਚ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਤੇ ਇਸ ਕੰਮ ਦੀ ਪੂਰਤੀ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।
CM ਨੇ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਬੈਠੇ ਆਖਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਪਹੁੰਚਾਉਣ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਤੇ ਅਧਿਕਾਰੀ ਪਹਿਲਾਂ ਹੀ ਆਪਣੇ ਆਪਣੇ ਕਾਰਜ ਖੇਤਰਾਂ ਵਿਚ ਤਾਇਨਾਤ ਹਨਤੇ ਸੰਕਟ ਦੀ ਘੜੀ ਵਿਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਓਪੀ ਸੋਨੀ ਨੂੰ ਹਸਪਤਾਲ ਮਿਲਣ ਪਹੁੰਚੇ ਸਾਂਸਦ ਔਜਲਾ ਨੂੰ ਵਿਜੀਲੈਂਸ ਨੇ ਨਹੀਂ ਦਿੱਤੀ ਇਜਾਜ਼ਤ, ਰਿਮਾਂਡ ਦਾ ਦਿੱਤਾ ਹਵਾਲਾ
ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦੇ ਲੋਕਾਂ ਦੇ ਜਾਨ ਤੇ ਮਾਲ ਦੀ ਰੱਖਿਆ ਕਰਨ ਲਈ ਮਸ਼ੀਨਰੀ ਦਾ ਵਿਆਪਕ ਪ੍ਰਬੰਧ ਕੀਤਾ ਗਿਆ ਹੈ। CM ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਰਾਹਤ ਕੰਮਾਂ ਵਿਚ ਤੇਜ਼ੀ ਲਿਆ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤ ਵਿਚ ਲੋਕਾਂ ਦੀ ਰੱਖਿਆ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।
ਵੀਡੀਓ ਲਈ ਕਲਿੱਕ ਕਰੋ -: