ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਮਨੁੱਖੀ ਜਾਨਾਂ ਤੇ ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਪਸ਼ੂਆਂ ਨੂੰ ਬੀਮਾਰੀਆਂ ਤੋਂ ਮੁਕਤ ਰੱਖਣ ਲਈ ਪਸ਼ੂ ਪਾਲਣ ਵਿਭਾਗ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 11672 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ 2862 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 359 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵਧਾ ਕੇ 263 ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3331 ਲੋਕ ਰਹਿ ਰਹੇ ਹਨ। ਸਭ ਤੋਂ ਵੱਧ 56 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿੱਚ ਹਨ।
ਬੁਲਾਰੇ ਨੇ ਦੱਸਿਆ ਕਿ 14 ਜ਼ਿਲਿਆਂ ਦੇ 1390 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ, ਉਨ੍ਹਾਂ ਵਿੱਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਸ਼ਾਮਲ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਅਜੇ ਵੀ ਲਾਪਤਾ ਹਨ।
ਇਹ ਵੀ ਪੜ੍ਹੋ : ਹੜ੍ਹ ਦੀ ਲਪੇਟ ‘ਚ ਆਏ ਪੰਜਾਬ ਦੇ 14 ਜ਼ਿਲ੍ਹੇ, ਮੌਸਮ ਵਿਭਾਗ ਵਲੋਂ ਅੱਜ ਸੂਬੇ ‘ਚ ਯੈਲੋ ਅਲਰਟ ਜਾਰੀ
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਇਕੱਲੇ ਪਟਿਆਲਾ (52000) ਅਤੇ ਰੂਪਨਗਰ (20030) ਵਿੱਚ 72000 ਤੋਂ ਵੱਧ ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: