ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਬੈਕਟੀਰੀਆ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਹੁਣ ਤੱਕ 98 ਮੁਫ਼ਤ ਮੈਡੀਕਲ ਕੈਂਪ ਲਗਾਏ ਹੈ। ਜਿਸ ਵਿੱਚ 2267 ਦੇ ਕਰੀਬ ਹੜ੍ਹ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਸੱਪ ਦੇ ਡੰਗਣ ਦਾ ਵੀ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਾਲ ਬਚਾ ਲਿਆ ਗਿਆ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਹੜ੍ਹਾਂ ਅਤੇ ਮੌਸਮ ਕਾਰਨ ਹੋਣ ਵਾਲੀਆਂ ਦਸਤ, ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਨਾਲ ਮੱਛਰ ਦੇ ਲਾਰਵੇ ਅਤੇ ਮੱਛਰ ਪੈਦਾ ਹੁੰਦੇ ਹਨ, ਜਿਸ ਨਾਲ ਡੇਂਗੂ ਅਤੇ ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਪਰੇਅ ਅਤੇ ਦਵਾਈਆਂ ਵੰਡ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਜੇਕਰ ਕਿਸੇ ਕਾਰਨ ਅਜਿਹਾ ਨਾ ਹੋ ਸਕੇ ਤਾਂ ਜਮਾਂ ਹੋਏ ਪਾਣੀ ਵਿੱਚ ਕਾਲਾ ਤੇਲ ਜਾਂ ਮਿੱਟੀ ਦਾ ਤੇਲ ਮਿਲਾ ਕੇ ਡੇਂਗੂ ਦੇ ਮੱਛਰ ਤੋਂ ਬਚਾਅ ਕਰਨ। ਇਸ ਤੋਂ ਇਲਾਵਾ ਪਸ਼ੂਆਂ ਦੀਆਂ ਬਿਮਾਰੀਆਂ ਦੇ ਖਤਰੇ ਦੇ ਮੱਦੇਨਜ਼ਰ ਵੈਟਰਨਰੀ ਡਾਕਟਰ ਵੀ ਤਾਇਨਾਤ ਕੀਤੇ ਗਏ ਹਨ, ਜੋ ਲੋਕਾਂ ਨੂੰ ਪਸ਼ੂਆਂ ਦੀਆਂ ਮੁਫ਼ਤ ਦਵਾਈਆਂ ਮੁਹੱਈਆ ਕਰਵਾ ਰਹੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਕੈਂਪ
ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਣ ਵਾਲੀਆਂ ਅਹਿਮ ਨੁਕਤਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪੀਣ ਵਾਲਾ ਪਾਣੀ ਸਾਫ਼ ਅਤੇ ਸੁਰੱਖਿਅਤ ਸਰੋਤ ਤੋਂ ਹੀ ਲੈਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਬਣ ਨਾਲ ਹੱਥ ਧੋਵੋ। ਬੱਚਿਆਂ ਨੂੰ ਹੜ੍ਹਾਂ ਦੇ ਪਾਣੀ ਵਿੱਚ ਚੱਲਣ ਤੋਂ ਰੋਕੋ, ਮੱਛਰ ਪੈਦਾ ਹੋਣ ਤੋਂ ਰੋਕਣ ਲਈ ਖੇਤਰ ਨੂੰ ਸਾਫ਼ ਰੱਖੋ, ਮਲੇਰੀਆ ਅਤੇ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਮੱਛਰਦਾਨੀ ਦੀ ਵਰਤੋਂ ਕਰੋ ਅਤੇ ਮੱਛਰ ਦੇ ਕੱਟਣ ਤੋਂ ਬਚੋ। ਜੇਕਰ ਲਾਗ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਡਾਕਟਰ ਨਾਲ ਸਲਾਹ ਕਰੋ।
ਵੀਡੀਓ ਲਈ ਕਲਿੱਕ ਕਰੋ -: