ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।
ਮੰਤਰੀ ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।
ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਅਤੇ ਹੋਰ ਤਕਨੀਕੀ ਅਤੇ ਪ੍ਰਸ਼ਾਸਕੀ ਸੁਧਾਰਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਜੀ.ਐਸ.ਟੀ. ਵਿੱਚ ਕੁੱਲ 16.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ ! ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਸਿਰਫ ਜੀਐਸਟੀ ਮੁਆਵਜ਼ੇ ‘ਤੇ ਨਿਰਭਰ ਰਹੀ ਅਤੇ ਆਪਣੀ ਆਮਦਨ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: