ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿੰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ, ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ। ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ, ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਦੁਨੀਆ ਵਿਚ ਫੈਲਾਉਣ ਲਈ ਹਮੇਸ਼ਾਂ ਸੰਜੀਦਾ ਪਹੁੰਚ ਅਪਣਾਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਗਿਆਨੀ ਜਗਤਾਰ ਸਿੰਘ ਦੇ ਦਿਹਾਂਤ ‘ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਜਾਣਾ ਬੇਹੱਦ ਸ਼ੋਕਦਾਇਕ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਗੁਰਬਾਣੀ ਦੇ ਗੂੜ੍ਹ ਗਿਆਤਾ ਸਨ। ਵਾਹਿਗੁਰੂ ਜੀ ਉਨ੍ਹਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਇਹ ਵੀ ਪੜ੍ਹੋ : ਸਿੱਖ ਨੂੰ ਕਿਰਪਾਨ ਨਾਲ ਰੈਸਟੋਰੈਂਟ ਅੰਦਰ ਜਾਣ ਤੋਂ ਰੋਕਿਆ, ਸੁਖਬੀਰ ਬਾਦਲ ਵੱਲੋਂ ਕਾਰਵਾਈ ਦੀ ਮੰਗ
ਸਿੰਘ ਗਿਆਨੀ ਰਘਬੀਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੰਘ ਸਾਹਿਬ ਜੀ ਨੇ ਆਪਣਾ ਸਾਰਾ ਜੀਵਨ ਗੁਰਮੁੱਖਤਾਈ ਅਤੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਉਪਰ ਪਹਿਰਾ ਦਿੰਦਿਆਂ ਬਤੀਤ ਕੀਤਾ ਹੈ। ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਪੰਥ ਸਦਾ ਯਾਦ ਰੱਖੇਗਾ। ਸਤਿਗੁਰੂ ਜੀ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ, ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸਿੰਘ ਸਾਹਿਬ ਦੇ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫਸੋਸ ਪ੍ਰਗਟ ਕੀਤਾ।
ਵੀਡੀਓ ਲਈ ਕਲਿੱਕ ਕਰੋ -: