ਸ਼ਹੀਦ ਫੌਜੀ ਪਰਵਿੰਦਰ ਸਿੰਘ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਹਜ਼ਾਰਾਂ ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਪਰਵਿੰਦਰ ਸਿੰਘ ਨੂੰ ਵਿਦਾਇਗੀ ਦਿੱਤੀ। ਜਵਾਨਾਂ ਦੀ ਟੁਕੜੀ ਨੇ ਸਿਪਾਹੀ ਨੂੰ ਸਲਾਮੀ ਦਿੱਤੀ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਪੀ ਰਾਕੇਸ਼ ਕੁਮਾਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਕਾਰਗਿਲ ਵਿੱਚ ਟਰੇਨਿੰਗ ਦੌਰਾਨ ਪੱਥਰ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪਰਮਿੰਦਰ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ।
ਮ੍ਰਿਤਕ ਦੀ ਖ਼ਬਰ ਜਦੋਂ ਉਸ ਦੇ ਜੱਦੀ ਪਿੰਡ ਪੁੱਜੀ ਤਾਂ ਮਾਂ ਅਤੇ ਉਸ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਮਿੰਦਰ ਦੀ ਪਤਨੀ ਆਪਣੇ ਪਤੀ ਦੀ ਮ੍ਰਿਤਕ ਦੇਹ ਛੱਡਣ ਲਈ ਤਿਆਰ ਨਹੀਂ ਸਨ। ਉਹ ਵਾਰ-ਵਾਰ ਕਹਿ ਰਹੀ ਸੀ ਕਿ ਸਾਰੇ ਪਿੱਛੇ ਹਟ ਜਾਣ ਅਤੇ ਮੈਨੂੰ ਆਪਣਾ ਪਿਆਰ ਨੂੰ ਮਿਲਣ ਦਿਓ। ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਸੀ। ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਪੰਜਾਬ ਵਿੱਚ ਤਾਇਨਾਤ ਸੀ।
ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਦੇਹਾਂਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸੀਐਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ ਅਤੇ ਜਲਦੀ ਹੀ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਭਰਾ ਛੱਡ ਗਿਆ ਹੈ। ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋ ਚੁੱਕੇ ਹਨ। ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਕਰ ਰਿਹਾ ਸੀ। ਫੌਜੀ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : BJP ਦਾ ਰਾਹੁਲ ਗਾਂਧੀ ‘ਤੇ ਹਮਲਾ, 7 ਸਿਰਾਂ ਵਾਲਾ ਪੋਸਟਰ ਜਾਰੀ ਕਰ ਕਿਹਾ ‘ਰਾਵਣ’
ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪ੍ਰੀਤ ਸਿੰਘ ਪੀਟੂ, ਐਸਡੀਐਮ ਰਾਜੇਸ਼ ਸ਼ਰਮਾ, ਡੀਐਸਪੀ ਪ੍ਰਿਥਵੀ ਸਿੰਘ ਚਾਹਲ, ਸੂਬੇਦਾਰ ਬੂਟਾ ਸਿੰਘ ਪੰਜਾਬ 31 ਅਤੇ ਸਾਬਕਾ ਸੈਨਿਕਾਂ ਨੇ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਵੀਡੀਓ ਲਈ ਕਲਿੱਕ ਕਰੋ -: