ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ ‘ਤੇ ਸੰਬੋਧਨ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੁਣ ਤੱਕ ਸਾਢੇ 37 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਵੱਖ-ਵੱਖ ਵਿਭਾਗਾਂ ਦੀਆਂ ਨੌਕਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕ ਦੀਆਂ 106 ਨਵੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 440 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੁਲ ਮਿਲਾ ਕੇ 1000 ਦੇ ਕਰੀਬ ਨਵੇਂ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨੀਆਂ ਹਨ ਤਾਂ ਇਸ ਲਈ ਮੁਲਾਜ਼ਮਾਂ ਦੀ ਲੋੜ ਹੈ। ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਅਸਾਮੀਆਂ ਖਾਲੀ ਪਈਆਂ ਸਨ, ਜਿਸ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਜ਼ਾ ਪੂਰੀ ਕਰ ਚੁੱਕੇ 10 ਕੈਦੀਆਂ ਦੀ ਰਿਹਾਈ ਲਈ ਵਿਚਾਰ ਕਰ ਰਹੀ ਹੈ। ਇਨ੍ਹਾਂ ਵਿੱਚੋਂ 5 ਕੈਦੀਆਂ ਨੂੰ ਅੱਜ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਰ ਗੰਭੀਰ ਅਪਰਾਧ ਕਰਨ ਵਾਲੇ 5 ਕੈਦੀਆਂ ਦੀ ਰਿਹਾਈ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਕੌਂਸਲ ਨਾਲ ਸਬੰਧਤ ਐਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾ ਸਕਣ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਰਾਜਪਾਲ ਵੱਲੋਂ ਲਿਖੇ ਪੱਤਰ ’ਤੇ ਕੋਈ ਚਰਚਾ ਨਹੀਂ ਹੋਈ, ਪਰ ਉਹ ਰਾਜਪਾਲ ਨੂੰ ਦੱਸਣਾ ਚਾਹੁੰਦੇ ਹਨ ਕਿ ਇਹ ਸੈਸ਼ਨ ਕਾਨੂੰਨੀ ਹੈ ਅਤੇ ਇਸ ਵਿੱਚ ਅਹਿਮ ਬਿੱਲ ਪੇਸ਼ ਕੀਤੇ ਜਾਣੇ ਹਨ, ਜੋਕਿ ਪੰਜਾਬ ਦੇ ਲੋਕਾਂ ਨਾਲ ਸਬੰਧਤ ਹਨ। ਇਸ ਲਈ ਰਾਜਪਾਲ ਨੂੰ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ।
ਇਹ ਵੀ ਪੜ੍ਹੋ : ਪਟਿਆਲਾ ਦੇ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੱਕੋ ਥਾਂ ‘ਤੇ ਹੋਵੇਗਾ ਰਜਿਸਟਰੀ ਸਬੰਧੀ ਸਾਰਾ ਕੰਮ
481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ
ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ।
ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ।