ਪਰਾਲੀ ਸਾੜਨ ਕਰਕੇ ਪੰਜਾਬ ਦੀ ਹਵਾ ਪ੍ਰਦੂਸ਼ਿਤ ਹੋ ਰਹੀ ਹੈ, ਜਿਸ ਕਰਕੇ ਕਿਸਾਨਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਲਈ ਕਿਹਾ ਜਾ ਰਿਹਾ ਹੈ, ਪਰ ਫਿਰ ਵੀ ਸੂਬੇ ਵਿੱਚ ਪਰਾਲੀ ਸਾੜਨ ਦੇ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਪ੍ਰਸ਼ਾਸਨ ਵੀ ਇਸ ਨੂੰ ਲੈ ਕੇ ਸਖਤ ਹੈ। ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ ਹੁਣ ਤੱਕ ਪਰਾਲੀ ਸਾੜਨ ਵਾਲੇ 129 ਕਿਸਾਨਾਂ ਦੇ ਚਲਾਨ ਕੱਟ ਕੇ 3 ਲੱਖ 22 ਹਜ਼ਾਰ 500 ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ ਇੰਚਾਰਜਾਂ ਅਤੇ ਹੋਰ ਸਬੰਧਤ ਫੀਲਡ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਦੀ ਤਕਨੀਕ ਅਤੇ ਵਰਤੋਂ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜ ਕੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਚਲਾਣ ਕੱਟਣ ਤੋਂ ਇਲਾਵਾ ਜ਼ਮੀਨ ਵਿਚ ਰੈੱਡ ਐਂਟਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਾਫ਼ੀ ਥਾਵਾਂ ’ਤੇ ਦੇਖਣ ਵਿੱਚ ਆਇਆ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਪਰ ਉਹ ਫੂਸ ਦੀ ਢੇਰੀ ਬਣਾ ਕੇ ਉਸਨੂੰ ਅੱਗ ਲਗਾ ਦਿੰਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ।
ਉਨ੍ਹਾਂ ਨਿਰਦੇਸ਼ ਦਿੱਤੇ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ। ਜੋ ਵੀ ਅਧਿਕਾਰੀ ਜਾਂ ਕਰਮਚਾਰੀ ਜਿਸ ਵੀ ਪਿੰਡ ਵਿੱਚ ਜਾਂਦੇ ਹਨ, ਉਸ ਦੀ ਰਿਪੋਰਟ ਰੋਜ਼ਾਨਾ ਸਬੰਧਤ ਵਿਭਾਗ ਨੂੰ ਭੇਜਣ।
ਇਹ ਵੀ ਪੜ੍ਹੋ : ਆਪਣੇ ਪੁਰਾਣੇ ਕਾਲਜ ‘ਚ ਮੁੱਖ ਮਹਿਮਾਨ ਬਣ ਪਹੁੰਚੇ CM ਮਾਨ, ਸਾਰਿਆਂ ਸਾਹਮਣੇ ਖੋਲ੍ਹੇ ਆਪਣੇ ਰਾਜ਼!
ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਊਟੀ ਲਗਾਈ ਗਈ ਹੈ, ਉਹ ਪਹਿਲ ਦੇ ਅਧਾਰ ’ਤੇ ਪੂਰੀ ਸੰਜੀਦਗੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।