ਵੀਰਵਾਰ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ।

bus strike in punjab
ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ, ਪਨਬੱਸ ਅਤੇ ਪੀਆਰਟੀਸੀ ਦੀ ਵੋਲਵੋ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਨਵੀਂ ਦਿੱਲੀ ਲਈ ਫਿਲਹਾਲ ਜਾਰੀ ਰਹੇਗੀ। ਦੂਜੇ ਪਾਸੇ ਹੜਤਾਲ ਦੀ ਚਿਤਾਵਨੀ ਤੋਂ ਬਾਅਦ ਪਨਬੱਸ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਸਟਾਫ ਦੀ ਮੌਜੂਦਾ ਤਨਖਾਹ ਵਿੱਚ ਪਹਿਲੀ ਅਕਤੂਬਰ ਤੋਂ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਵੀਰਵਾਰ ਨੂੰ ਸੂਬੇ ਭਰ ਦੇ ਸਾਰੇ ਡਿਪੂ ਬੰਦ ਰੱਖੇ ਜਾਣਗੇ ਅਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਰੇਸ਼ਮ ਸਿੰਘ ਗਿੱਲ ਨੇ ਹੜਤਾਲ ਕਾਰਨ ਯਾਤਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਲਈ ਟਰਾਂਸਪੋਰਟ ਵਿਭਾਗ ਅਤੇ ਵਿਸ਼ੇਸ਼ ਤੌਰ ‘ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰੇਸ਼ਮ ਸਿੰਘ ਗਿੱਲ ਨੇ ਕਿਹਾ ਹੈ ਕਿ ਤਨਖਾਹ ਵਾਧੇ ਸਬੰਧੀ ਯੂਨੀਅਨ ਦੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ ਹਨ ਪਰ ਰਾਜ ਟਰਾਂਸਪੋਰਟ ਦੀ ਉੱਚ ਅਫਸਰਸ਼ਾਹੀ ਜਾਣਬੁੱਝ ਕੇ ਸਰਕਾਰ ਦੇ ਹੁਕਮਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਮੁਲਾਜ਼ਮਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।
























