ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰਾਂ ਵਿੱਚ ਤੰਬਾਕੂ, ਸਿਗਰਟ ਅਤੇ ਹਾਨੀਕਾਰਕ ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਸਿੱਧ ਹੁੰਦੇ ਹਨ ਅਤੇ ਸਮਾਜ ਉੱਤੇ ਵੀ ਮਾੜਾ ਪ੍ਰਭਾਵ ਪਾਉਂਦੇ ਹਨ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ ਰਾਈਸ ਸ਼ੈਲਰ/ ਭੱਠਿਆਂ ਅਤੇ ਹੋਰ ਛੋਟੇ ਉਦਯੋਗਾਂ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰਾਂ ਰੱਖਣ ਵਾਲਿਆਂ ਦੇ ਨਾਂ ਹੁਕਮ ਜਾਰੀ ਹੋਏ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ ਪਾਸੇ, ਖੱਬੇ ਅਤੇ ਸਾਹਮਣੇ ਤੋਂ ਪੋਜ਼)) ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਆਪਣੇ ਘਰਾਂ ਵਿੱਚ ਰਜਿਸਟਰ ਰਖਣ ਅਤੇ ਆਪਣੇ ਰਿਸ਼ਤੇਦਾਰਾਂ ਦੇ ਪਤੇ ਲਿਖ ਕੇ ਰਖਣ। ਮਾਲਕ ਨੌਕਰ ਦੇ ਉਂਗਲਾਂ ਦੇ ਨਿਸ਼ਾਨ ਆਪਣੇ ਰਜਿਸਟਰ ਵਿੱਚ ਲਗਾ ਕੇ ਰਖਣ ਅਤੇ ਇਹ ਪੂਰਾ ਰਿਕਾਰਡ ਤੁਰੰਤ ਸਬੰਧਤ ਥਾਣੇ ਜਾਂ ਇਲਾਕੇ ਦੇ ਥਾਣੇ ਵਿੱਚ ਦਰਜ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵਾਹਨਾਂ ਵਿੱਚ ਕਾਲੀ ਫਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਸੜਕਾਂ ‘ਤੇ ਨਾਜਾਇਜ਼ ਬੋਰਿੰਗ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹੱਦ ਅੰਦਰ ਗੈਰ-ਸੂਚੀਬੱਧ ਖੇਤਰਾਂ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਹਦਾਇਤ ਕੀਤੀ ਗਈ ਹੈ ਕਿ ਜੇ ਕਿਸੇ ਵਿਸ਼ੇਸ਼ ਹਾਲਾਤ ਵਿੱਚ ਉਕਤ ਦਰੱਖਤ ਕੱਟਣੇ ਜ਼ਰੂਰੀ ਹਨ ਤਾਂ ਜੰਗਲਾਤ ਵਿਭਾਗ ਦੀ ਮਨਜ਼ੂਰੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਜੰਗਲਾਤ ਵਿਭਾਗ ਵੱਲੋਂ ਪੰਜਾਬ ਲੈਂਡ ਕੰਜ਼ਰਵੇਸ਼ਨ ਐਕਟ, 1900 ਦੀ ਧਾਰਾ 4 ਅਤੇ 5 ਅਧੀਨ ਬੰਦ ਖੇਤਰਾਂ ਵਿੱਚ ਪਰਮਿਟ ਜਾਰੀ ਕਰਨ ਲਈ ਉਹੀ ਵਿਧੀ ਅਪਣਾਈ ਜਾਵੇਗੀ।
ਇਹ ਵੀ ਪੜ੍ਹੋ : CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਆਮੂਨੀਸ਼ਨ ਡਿਪੂ ਉਚੀ ਬੱਸੀ ਦੀ ਬਾਹਰੀ ਚਾਰਦੀਵਾਰੀ ਦੇ ਇੱਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸੜਕ ‘ਤੇ ਜਾਂ ਜਨਤਕ ਥਾਵਾਂ ‘ਤੇ ਖੁੱਲ੍ਹੇ ਵਿੱਚ ਚਰਾਉਣ ਲਈ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਦੇ ਪ੍ਰਬੰਧਕਾਂ ਨੂੰ ਰਾਤ ਸਮੇਂ ਲਗਾਤਾਰ ਚੌਕਸੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ : –