ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜੇ ਬਹੁਚਰਚਿਤ ਪਲਾਟ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਹੈ।
ਹਾਲਾਂਕਿ ਨਾਮਜ਼ਦ ਹੋਣ ਤੋਂ ਬਾਅਦ ਬਠਿੰਡਾ ਅਦਾਲਤ ਨੇ ਦੋਵਾਂ ਵੱਲੋਂ ਅਦਾਲਤ ‘ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੰਤ੍ਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ। ਹੁਣ ਇਸ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 23 ਨਵੰਬਰ ਨੂੰ ਮੁੜ ਹੋਵੇਗੀ। ਇਸ ਮਾਮਲੇ ਵਿੱਚ ਇਹ ਦੋਵੇਂ ਅਜਿਹੇ ਪਹਿਲੇ ਵਿਅਕਤੀ ਹਨ, ਜਿਨ੍ਹਾਂ ਨੂੰ ਬਠਿੰਡਾ ਅਦਾਲਤ ਤੋਂ ਹੀ ਜ਼ਮਾਨਤ ਮਿਲੀ ਹੈ, ਜਦਕਿ ਬਾਕੀਆਂ ਨੂੰ ਹਾਈਕੋਰਟ ਜਾਣਾ ਪਿਆ ਹੈ।
ਠੇਕੇਦਾਰ ਜੁਗਨੂੰ ਦੇ ਵਕੀਲ ਕਰਮਿੰਦਰ ਸਿੰਘ ਸੋਢੀ ਅਤੇ ਸੀਏ ਸੰਜੀਵ ਕੁਮਾਰ ਦੇ ਵਕੀਲ ਹਰਰਾਜ ਸਿੰਘ ਚੰਨੂ ਨੇ ਦਾਅਵਾ ਕੀਤਾ ਕਿ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਜਾਣਬੁੱਝ ਕੇ ਉਨ੍ਹਾਂ ਦੇ ਮੁਵੱਕਿਲ ਦਾ ਗਲਤ ਨਾਂ ਸ਼ਾਮਲ ਕੀਤਾ ਹੈ, ਕਿਉਂਕਿ ਇਸ ਪੂਰੇ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ।
ਐਡਵੋਕੇਟ ਹਰਰਾਜ ਸਿੰਘ ਚੰਨੂ ਨੇ ਕਿਹਾ ਕਿ ਇੱਕ ਵਕੀਲ ਜਾਂ ਸੀਏ ਆਪਣੇ ਮੁਵੱਕਿਲਾਂ ਲਈ ਪੇਸ਼ੇਵਰ ਤੌਰ ‘ਤੇ ਕੰਮ ਕਰਦਾ ਹੈ ਅਤੇ ਜੇ ਸੰਜੀਵ ਮਿੱਤਲ ਨੇ ਮਨਪ੍ਰੀਤ ਬਾਦਲ ਦੇ ਪਲਾਟਾਂ ਦੀ ਬੋਲੀ ਲਈ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ ਤਾਂ ਇਹ ਕੋਈ ਗੁਨਾਹ ਨਹੀਂ ਹੈ।
ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਸੰਜੀਵ ਕੁਮਾਰ ਵੱਲੋਂ ਜੁਗਨੂੰ ਦੇ ਦਫ਼ਤਰ ਤੋਂ 100 ਫੁੱਟ ਦੂਰ ਸਥਿਤ ਸਾਨਾ ਕਮਰੇ ਵਿੱਚ ਬੈਠ ਕੇ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਮਿਲੀਭੁਗਤ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ।
ਪਤਾ ਲੱਗਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਮੁਕੰਮਲ, 5 ਰਾਜਾਂ ‘ਚ ਇਲੈਕਸ਼ਨ ਮਗਰੋਂ ਹੋ ਸਕਦੈ ਐਲਾਨ
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਹੋਟਲ ਮਾਲਕ ਰਾਜੀਵ ਕੁਮਾਰ, ਵਪਾਰੀ ਵਿਕਾਸ ਅਰੋੜ ਅਤੇ ਠੇਕੇਦਾਰ ਜੁਗਨੂੰ ਦੇ ਮੁਲਾਜ਼ਮ ਅਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਵਿਜੀਲੈਂਸ ਵੱਲੋਂ 24 ਘੰਟਿਆਂ ਦੇ ਅੰਦਰ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਬਾਕੀ ਤਿੰਨ ਵਿਅਕਤੀਆਂ ’ਤੇ ਲਗਾਤਾਰ ਛਾਪੇਮਾਰੀ ਕਰਨ ਦੇ ਬਾਵਜੂਦ ਵਿਜੀਲੈਂਸ ਖਾਲੀ ਹੱਥ ਰਹੀ। ਜਿਸ ਤੋਂ ਬਾਅਦ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਅੰਤਰਿਮ ਰਾਹਤ ਦਿੱਤੀ ਸੀ ਅਤੇ ਉਸ ਤੋਂ ਬਾਅਦ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਕਜ ਕਾਲੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਜ਼ਮਾਨਤ ਮਿਲਣ ਤੋਂ ਬਾਅਦ ਪੰਕਜ ਕਾਲੀਆ ਦੋ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ : –