ਭਵਾਨੀਗੜ੍ਹ ਨੇੜੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਕਾਰਨ ਕਰੀਬ 50 ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿੱਚ ਖਾਣਾ ਖਾ ਕੇ ਬੱਚੇ ਬਿਮਾਰ ਪੈ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਸਪਤਾਲ ਪਹੁੰਚ ਕੇ ਵਿਦਿਆਰਥੀਆਂ ਦਾ ਹਾਲ-ਚਾਲ ਪੁੱਛਿਆ। ਇਸ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਮੰਤਰੀ ਹਰਜੋਤ ਸਿੰਘ ਨੇ ਲਿਖਿਆ, “ਸੰਗਰੂਰ ਪਹੁੰਚ ਕੇ ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਬਿਮਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ, ਵਿਦਿਆਰਥੀ ਹੁਣ ਤੇਜ਼ੀ ਨਾਲ ਠੀਕ ਹੋ ਰਹੇ ਹਨ।”
ਉਨ੍ਹਾਂ ਕਿਹਾ ਕਿ ਠੇਕੇਦਾਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਮੈੱਸ ਇੰਚਾਰਜ ਨਾਲ ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਅੱਜ ਹਰ ਮੈਰੀਟੋਰੀਅਸ ਸਕੂਲਾਂ ਵਿੱਚ ਖਾਣੇ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੈਰੀਟੋਰੀਅਸ ਸਕੂਲ ਦੇ ਹਰੇਕ ਵਿਦਿਆਰਥੀ ਨੂੰ ਫੀਡਬੈਕ ਫਾਰਮ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫ਼ਤਰ ਵੱਲੋਂ ਨਿੱਜੀ ਤੌਰ ’ਤੇ ਇਸ ਦੀ ਨਿਗਰਾਨੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨਾਂ ਦਾ ਵੱਡਾ ਐਲਾਨ, ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ
ਦੱਸ ਦੇਈਏ ਕਿ ਬੱਚਿਆਂ ਦੇ ਮਾਪਿਆਂ ਦਾ ਦੋਸ਼ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿਚ ਤੇਜ਼ ਦਰਦ ਹੋਣ ‘ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ : –