ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿਚ ਸਥਾਨਕ ਸਰਕਟ ਹਾਊਸ ਵਿਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਬੈਠਕ ਹੋਈ ਜਿਸ ਵਿਚ ਲੁਧਿਆਣਾ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਦੇ ਪੱਧਰ ਨੂੰ ਵਧਾਉਣ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਅਧਿਕਾਰੀ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ, ਐੱਸਐੱਮਓਜ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਬੈਠਕ ਦੀ ਅਗਵਾਈ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਜ਼ਿਲ੍ਹਾ ਤੇ ਉਪ ਮੰਡਲ ਪੱਧਰ ‘ਤੇ ਹਸਪਤਾਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਜਿਥੇ ਜਲਦ ਹੀ 1300 ਹੋਰ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਦੂਜੇ ਪਾਸੇ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਵਿਸਤਾਰ ਕਰਕੇ ਨਰਸਿੰਗ ਸਟਾਫ ਦੇ ਨਾਲ-ਨਾਲ ਸਰਕਾਰੀ ਹਸਪਤਾਲਾਂ ਵਿਚ ਐਕਸਰੇ ਤੇ ਅਲਟਰਾਸਾਊਂਡ ਵਰਗੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵਿਜੀਲੈਂਸ ਦਾ ਐਕਸ਼ਨ, ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਮਾਮਲਿਆਂ ‘ਚ 288 ਮੁਲਜ਼ਮ ਗ੍ਰਿਫਤਾਰ
ਉਨ੍ਹਾਂ ਸਪੱਸ਼ਟ ਕੀਤਾ ਕਿ 15 ਫਰਵਰੀ 2024 ਤੱਕ ਸਾਰੇ ਸਰਕਾਰੀ ਹਸਪਤਾਲਾਂ ਵਿਚ 280 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹੋਣਗੀਆਂ ਜਿਨ੍ਹਾਂ ਵਿਚੋਂ ਲਗਭਗ 190 ਤਰ੍ਹਾਂ ਦੀਆਂ ਦਵਾਈਆਂ ਜਨਵਰੀ ਮਹੀਨੇ ਵਿਚ ਹੀ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੀ ਪ੍ਰੇਸ਼ਾਨੀ ਨੂੰ ਘੱਟ ਕਰਨ ਲਈ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰ ਹੀ ਉਪਲਬਧ ਹੋਣਗੀਆਂ ਤੇ ਕੋਈ ਵੀ ਦਵਾਈ ਬਾਹਰ ਤੋਂ ਨਹੀਂ ਲੈਣੀ ਹੋਵੇਗੀ।