ਚੰਡੀਗੜ੍ਹ ਵਿੱਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੀ I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲ ਰਹੀ ਹੈ। ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਇੱਕ ਦੂਜੇ ਵਿਰੁੱਧ ਚੋਣ ਲੜਨ ਵਾਲੀਆਂ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਹੋ ਗਿਆ ਹੈ ਹਾਲਾਂਕਿ ਇਸ ਤੋਂ ਪਹਿਲਾ ਇਹ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ।
ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੀ ਗੱਲ ਕਰੀਏ ਤਾਂ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਦੀ ਵੀ ਮਾਨਤਾ ਹੈ। ਇਨ੍ਹਾਂ ਵਿੱਚ ਭਾਜਪਾ ਦੇ 15, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਦੇ ਆਪਣੇ ਹੁਕਮਾਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਅੱਜ ਮੇਅਰ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਲੋੜ ‘ਤੇ ਜ਼ੋਰ ਦਿੱਤਾ। ‘ਆਪ’-ਕਾਂਗਰਸ ਗਠਜੋੜ ਨੇ ਵੱਖ-ਵੱਖ ਅਹੁਦਿਆਂ ਲਈ ਰਣਨੀਤਕ ਤੌਰ ‘ਤੇ ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਹੈ। ਮੇਅਰ ਦੀ ਚੋਣ ਵਿਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਇਸ ਚੋਣ ਵਿੱਚ ਮੇਅਰ ਦੀ ਸੀਟ ਅਨੁਸੂਚਿਤ ਜਾਤੀ ਵਰਗ ਲਈ ਰਾਖਵੀਂ ਹੈ, ਜਿਸ ਵਿੱਚ ਭਾਜਪਾ ਵੱਲੋਂ ਮਨੋਜ ਸੋਨਕਰ ਅਤੇ ‘ਆਪ’ ਵੱਲੋਂ ਕੁਲਦੀਪ ਕੁਮਾਰ ਦਾਅਵੇਦਾਰ ਹਨ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਕੁਲਜੀਤ ਸੰਧੂ ਦਾ ਮੁਕਾਬਲਾ ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਨਾਲ ਹੋਵੇਗਾ, ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਰਜਿੰਦਰ ਸ਼ਰਮਾ ਅਤੇ ਕਾਂਗਰਸ ਦੀ ਨਿਰਮਲਾ ਦੇਵੀ ਵਿਚਾਲੇ ਮੁਕਾਬਲਾ ਹੋਵੇਗਾ।