ਚੰਡੀਗੜ੍ਹ ਮੇਅਰ ਚੋਣਾਂ ‘ਚ ਬੀਜੇਪੀ ਦੀ ਜਿੱਤ ਮਗਰੋਂ ਇਹ ਮਾਮਲਾ ਹੋਰ ਵੀ ਭਖਦਾ ਜਾ ਰਿਹਾ ਹੈ। ਚੋਣ ‘ਚ ਧੋਖਾਧੜੀ ਦਾ ਦੋਸ਼ ਲਾਉਂਦੇ ਹੋਏ ਆਮ ਆਦਮੀ ਪਾਰਟੀ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਪਹੁੰਚ ਗਈ ਹੈ। ਪਾਰਟੀ ਨੇ ਇਸ ਚੋਣ ਨੂੰ ਰੱਦ ਕਰਨ ਲਈ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਚੋਣਾਂ ਰੱਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਦਿੱਤਾ ਸੀ, ਜਿਸ ਮਗਰੋਂ ਹੁਣ ਮੇਅਰ ਚੋਣ ਦੇ ਆਪ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ।
ਵੋਟਿੰਗ ਪ੍ਰਕਿਰਿਆ ‘ਚ ਬੇਈਮਾਨੀ ਦਾ ਦੋਸ਼ ਲਗਾਉਂਦੇ ਹੋਏ ਕੁਲਦੀਪ ਕੁਮਾਰ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈਕੋਰਟ ਦੇ ਇਨਾਕਰ ਮਗਰੋਂ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਦਾਇਰ ਕੀਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਸ ਧੋਖਾਧੜੀ ਖਿਲਾਫ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਲੋਕਤੰਤਰ ਦੇ ਕਤਲ ਦੀ ਮਿਸਾਲ ਹੈ। ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਬਹੁਮਤ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਮੇਅਰ ਉਮੀਦਵਾਰ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰੀਜ਼ਾਈਡਿੰਗ ਅਫਸਰ ਨੇ ਬਿਨਾਂ ਕਾਰਨ ਦੱਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ 8 ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ 16-12 ਨਾਲ ਜਿੱਤ ਗਏ।
ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇਸ ਮਾਮਲੇ ‘ਚ ਭਾਜਪਾ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ 30 ਜਨਵਰੀ ਲੋਕਤੰਤਰ ਲਈ ਕਾਲਾ ਦਿਨ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਚੁੱਪ ਰਹਿਣ ਵਾਲੇ ਨਹੀਂ ਹਨ। ਪਾਰਟੀ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਏਗੀ। ਸੁਪਰੀਮ ਕੋਰਟ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਮੇਅਰ ਚੋਣਾਂ ‘ਚ ਧਾਂਦਲੀ ਨਾਲ ਜੁੜੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ’ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ –