ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਖੁੱਡੀਆ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਨਹਿਰੀ ਪਾਣੀ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕੇ ਜਲਦ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਮਗਰੋਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ‘ਬਦਲਦਾ ਪੰਜਾਬ’, ਨਵੇਂ ਵਿਆਹੇ ਜੋੜੇ ਨੂੰ ਵਿਆਹ ਵਾਲੇ ਦਿਨ ਹੀ ਮਿਲਿਆ ਮੈਰਿਜ ਰਜਿਸਟ੍ਰੇਸ਼ਨ ਸਰਟੀਫਿਕੇਟ
ਇਸ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਕਿਸਾਨ ਉਤਪਾਦਕ ਕੰਪਨੀਆਂ (FPS) ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰੀਆਂ ਹਨ ਅਤੇ FPC ਨੇ ਉਨ੍ਹਾਂ ਦੇ ਕਾਰੋਬਾਰ ਦੇ ਵਾਧੇ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਮੰਤਰੀ ਖੁੱਡੀਆ ਨੇ ਡਰੋਨ ਪਾਇਲ ਦੀ ਸਿਖਲਾਈ ਲੈਣ ਵਾਲੀਆਂ ਲੁਧਿਆਣਾ, ਬਰਨਾਲਾ, ਰੂਪਨਗਰ, ਮੋਗਾ ਤੋਂ ਐਫਪੀਸੀ ਦੀਆਂ 25 ਮਹਿਲਾ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉੱਚ ਗੁਣਵੱਤਾ ਵਾਲੇ ਬੀਜਾਂ, ਕੀਟਨਾਸ਼ਕਾਂ ਅਤੇ ਪ੍ਰੋਜੈਕਟਾਂ ਰਾਹੀਂ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ –