ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਨਾਗਰਿਕਤਾ (ਸੋਧ) ਐਕਟ, 2019 (CAA) ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਮਾਮਲੇ ਦੀ ਸੁਣਵਾਈ 19 ਮਾਰਚ ਨੂੰ ਹੋਵੇਗੀ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ CAA ਲਾਗੂ ਕਰ ਦਿੱਤਾ ਸੀ। ਇਹ ਕਾਨੂੰਨ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ 31 ਦਸੰਬਰ, 2014 ਤੋਂ ਪਹਿਲਾਂ ਭਾਰਤ ਵਿੱਚ ਦਾਖਲ ਹੋਏ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਲਈ ਨਾਗਰਿਕਤਾ ਦਾ ਰਾਹ ਪੱਧਰਾ ਕਰਦਾ ਹੈ।
ਕੇਂਦਰ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ CAA ਦੇ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ, ਨਾਗਰਿਕਤਾ (ਸੋਧ) ਐਕਟ, 2019 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਕਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। CAA ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰਾਂ ਵਿੱਚੋਂ ਇੱਕ, ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਨੇ ਅਦਾਲਤ ਨੂੰ ਇਹ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ ਕਿ ਜਦੋਂ ਤੱਕ ਪਹਿਲਾਂ ਦਾਇਰ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਂਦੀ। CAA ਤਹਿਤ ਮੁਸਲਮਾਨ ਭਾਰਤੀ ਨਾਗਰਿਕਤਾ ਲਈ ਅਰਜ਼ੀ ਨਹੀਂ ਦੇ ਸਕਦੇ।
ਪਟੀਸ਼ਨ ‘ਚ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੇਂਦਰ ਨੂੰ ਨਿਰਦੇਸ਼ ਦੇਵੇ ਕਿ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਾਗਰਿਕਤਾ ਲਈ ਅਰਜ਼ੀ ਦੇਣ ਅਤੇ ਉਨ੍ਹਾਂ ਦੀ ਯੋਗਤਾ ‘ਤੇ ਰਿਪੋਰਟ ਪੇਸ਼ ਕਰਨ ਦੀ ਇਜਾਜ਼ਤ ਦੇਣ।’ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ’ ਨੇ ਵੀ ਨਾਗਰਿਕਤਾ ਨਿਯਮ, 2024 ‘ਤੇ ਰੋਕ ਲਗਾਉਣ ਦੀ ਬੇਨਤੀ ਕਰਨ ਲਈ ਇਕ ਵੱਖਰੀ ਪਟੀਸ਼ਨ ਦਾਇਰ ਕੀਤੀ ਹੈ।ਸਿਖਰਲੀ ਅਦਾਲਤ ਪਹਿਲਾਂ ਹੀ ਸੀਏਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ‘ਤੇ ਵਿਚਾਰ ਕਰ ਰਹੀ ਹੈ।ਨਿਯਮਾਂ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੀਏਏ ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਲਗਭਗ 250 ਪਟੀਸ਼ਨਾਂ ਸੁਪਰੀਮ ਕੋਰਟ ‘ਚ ਪੈਂਡਿੰਗ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .