ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲੇ ‘ਚ ਵੀਰਵਾਰ ਭਾਵ ਈਦ ਵਾਲੇ ਦਿਨ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟ ਗਈ। ਹਾਦਸੇ ਵਿੱਚ ਅੱਠ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ‘ਚ ਕਰੀਬ 33 ਬੱਚੇ ਸਵਾਰ ਸਨ। ਇੰਨਾ ਹੀ ਨਹੀਂ ਵੀਰਵਾਰ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹਾ ਰਿਹਾ। ਬੱਸ ਇੱਕ ਪ੍ਰਾਈਵੇਟ ਸਕੂਲ ਦੀ ਸੀ। ਹਾਦਸੇ ਤੋਂ ਬਾਅਦ ਹਰਿਆਣਾ ਸਰਕਾਰ ਦੇ ਸਿੱਖਿਆ ਮੰਤਰੀ ਵੀ ਮੌਕੇ ‘ਤੇ ਪਹੁੰਚ ਗਏ। ਸੀਐਮ ਸੈਣੀ ਨੇ ਵੀ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ‘ਤੇ ਸੋਗ ਪ੍ਰਗਟ ਕੀਤਾ ਹੈ।
ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਮਹਿੰਦਰਗੜ੍ਹ ਦੇ ਕਨੀਨਾ ਵਿੱਚ ਸਕੂਲ ਬੱਸ ਦੇ ਹਾਦਸੇ ਤੋਂ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਮੇਰੀ ਹਮਦਰਦੀ ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਆਪਣੇ ਬੱਚੇ ਗੁਆ ਦਿੱਤੇ ਹਨ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਦੀ ਦੇਖਭਾਲ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਦਸੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਕਮੇਟੀ ਜਾਂਚ ਕਰੇਗੀ। ਸਕੂਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਮਾਰਚ ਵਿੱਚ ਇਸ ਸਕੂਲ ਬੱਸ ਨੂੰ ਪੂਰੇ ਦਸਤਾਵੇਜ਼ ਨਾ ਹੋਣ ਕਾਰਨ 15 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸਕੂਲ ਦੀ ਲਾਪਰਵਾਹੀ ਸਾਫ਼ ਨਜ਼ਰ ਆ ਰਹੀ ਹੈ। ਮੈਂ ਸੂਬੇ ਦੇ ਸਾਰੇ ਸਕੂਲੀ ਵਾਹਨਾਂ ਦੀ ਫਿਟਨੈਸ ਟੈਸਟਿੰਗ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਲੀਡਰਾਂ ਨੇ ਮਸਜਿਦ ਪਹੁੰਚ ਮਨਾਈ ਈਦ, ਚੰਨੀ ਨੇ ਪੜ੍ਹੀ ਨਮਾਜ਼, ਮੰਤਰੀ ਧਾਲੀਵਾਲ ਨੇ ਗਲ ਲਾ ਦਿੱਤੀ ਵਧਾਈ
ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੀ ਬੱਸ ਚਲਾ ਰਿਹਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਉਸ ਨੇ ਗੱਡੀ ਸਿੱਧੀ ਦਰੱਖਤ ਵਿਚ ਠੋਕ ਦਿੱਤੀ। ਇਸ ਤੋਂ ਬਾਅਦ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਰ ਸਥਾਨਕ ਲੋਕਾਂ ਦੀ ਮਦਦ ਨਾਲ ਫਸੇ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -: