ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸ ਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿਚ ਦਰਜ ਇਕ ਪੁਲਿਸ ਕੇਸ ਵਿਚ ਉਸ ਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਆਖਿਰ ਮੰਨ ਹੀ ਗਏ ਦਲਵੀਰ ਗੋਲਡੀ, ਕਿਹਾ-‘ਪਾਰਟੀ ਜਿਥੇ ਡਿਊਟੀ ਲਗਾਏਗੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ’
ਬੁਲਾਰੇ ਨੇ ਦਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ASI ਕਰਮ ਸਿੰਘ ਪਹਿਲਾਂ ਵੀ 24,000 ਰੁਪਏ ਲੈ ਚੁੱਕਾ ਹੈ। ਉਸ ਖਿਲਾਫ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: