ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਵੱਡਾ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰਾਂ ਲਈ ਕੋਈ ਕੰਮ ਨਹੀਂ ਹੋਵੇਗਾ। ਇਸ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ‘ਚ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਹੋਣ ਦੇ ਮੱਦੇਨਜ਼ਰ ਨਿਰਮਾਣ ਖੇਤਰ ਦੇ ਕਰਮਚਾਰੀਆਂ ਲਈ ਇਹ ਹੁਕਮ ਜਾਰੀ ਕੀਤਾ ਹੈ।
ਉਪ ਰਾਜਪਾਲ ਵੀਕੇ ਸਕਸੈਨਾ ਨੇ ਕਿਹਾ ਕਿ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੇ 20 ਮਈ ਤੋਂ ਵਰਕਰਾਂ ਲਈ ਤਿੰਨ ਘੰਟੇ ਦੀ ਛੁੱਟੀ ਲਾਗੂ ਕਰ ਦਿੱਤੀ ਹੈ ਅਤੇ ਇਹ ਵਿਵਸਥਾ ਉਦੋਂ ਤੱਕ ਸਾਰੀਆਂ ਥਾਵਾਂ ‘ਤੇ ਜਾਰੀ ਰਹੇਗੀ ਜਦੋਂ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਨਹੀਂ ਆ ਜਾਂਦਾ। ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਜਪਾਲ ਨੇ 20 ਮਈ ਨੂੰ ਡੀਡੀਏ ਨੂੰ ਨਿਰਦੇਸ਼ ਦਿੱਤੇ ਸਨ ਕਿ ਉਸਾਰੀ ਵਾਲੀਆਂ ਥਾਵਾਂ ‘ਤੇ ਮਜ਼ਦੂਰਾਂ ਲਈ ਪਾਣੀ ਅਤੇ ਨਾਰੀਅਲ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਮਜ਼ਦੂਰਾਂ ਦੇ ਸਰੀਰਾਂ ਵਿੱਚ ਪਾਣੀ ਦੀ ਕਮੀ ਨਾ ਹੋਵੇ।
ਇਹ ਵੀ ਪੜ੍ਹੋ : ‘ਦੰਗਲ’ ਅਦਾਕਾਰਾ ਜ਼ਾਇਰਾ ਦੇ ਪਿਤਾ ਦਾ ਹੋਇਆ ਦਿਹਾਂਤ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਭਾਵੁਕ ਪੋਸਟ
ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੇ ਆਪਣੀਆਂ ਹਦਾਇਤਾਂ ਵਿੱਚ ਕਿਹਾ ਕਿ ਮੁੱਖ ਸਕੱਤਰ ਪੀ.ਡਬਲਯੂ.ਡੀ., ਡੀ.ਜੇ.ਬੀ., ਆਈ.ਐਂਡ.ਐਫ.ਸੀ., ਐਮ.ਸੀ.ਡੀ., ਐਨ.ਡੀ.ਐਮ.ਸੀ., ਬਿਜਲੀ ਵਿਭਾਗ, ਡੀ.ਯੂ.ਐਸ.ਆਈ.ਬੀ. ਦੇ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਕਰਨ ਅਤੇ ਕਰਮਚਾਰੀਆਂ ਅਤੇ ਸੁਪਰਵਾਈਜ਼ਰੀ ਸਟਾਫ਼ ਦੀ ਸੁਰੱਖਿਆ ਲਈ ਜ਼ਰੂਰੀ ਹਦਾਇਤਾਂ ਜਾਰੀ ਕਰਨ।
ਅਧਿਕਾਰੀਆਂ ਅਨੁਸਾਰ ਇਸ ਤੋਂ ਇਲਾਵਾ ਉਪ ਰਾਜਪਾਲ ਨੇ ਬੱਸ ਸਟੈਂਡ ਵਿੱਚ ਪਾਣੀ ਦੇ ਘੜੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯਾਤਰੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੜਕਾਂ ’ਤੇ ਛਿੜਕਾਅ ਲਈ ਟੈਂਕਰਾਂ ਆਦਿ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਵੀਡੀਓ ਲਈ ਕਲਿੱਕ ਕਰੋ -: