ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਨੌਜਵਾਨ ਨੇ ਬੀਤੀ ਸ਼ਾਮ ਆਪਣੇ ਹੀ ਪਿੰਡ ਦੇ ਵਾਟਰ ਵਰਕਸ ਦੇ ਟਰੰਕ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਫੌਜ ਦੇ ਪੇਪਰ ਦੀ ਤਿਆਰੀ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਝ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਸੰਜੀਵ ਕੁਮਾਰ ਦੇ ਚਾਚਾ ਵਿਪਨ ਨੇ ਦੱਸਿਆ ਕਿ ਉਸ ਦਾ ਭਤੀਜਾ ਪਿੰਡ ਵਿੱਚ ਹੀ ਬਣੀ ਲਾਇਬ੍ਰੇਰੀ ਵਿੱਚ ਪੜ੍ਹਦਾ ਸੀ। ਜਿੱਥੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਬੱਚੇ ਪੜ੍ਹਨ ਲਈ ਆਉਂਦੇ ਹਨ। ਕੱਲ੍ਹ ਸ਼ਾਮ ਨੂੰ ਕੁਝ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸਦੇ ਭਤੀਜੇ ਨੇ ਵਾਟਰ ਵਰਕਸ ਦੇ ਟਰੰਕ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸਲ ਵਿੱਚ ਲਾਇਬ੍ਰੇਰੀ ਵਿੱਚ ਕੀ ਹੋਇਆ ਸੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਹੈ। ਪਰ ਬਾਅਦ ਵਿੱਚ ਕਿਹਾ ਜਾ ਰਿਹਾ ਸੀ ਕਿ ਕੁਝ ਲੋਕ ਸੰਜੀਵ ‘ਤੇ ਪਿੰਡ ਦੀ ਇਕ ਲੜਕੀ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾ ਰਹੇ ਸਨ। ਜਿਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੇ ਦੁਖੀ ਹੋ ਕੇ ਇਹ ਕਦਮ ਚੁੱਕਿਆ।
ਇਹ ਵੀ ਪੜ੍ਹੋ : ਆਫਤ ਬਣ ਰਿਹਾ ਮੀਂਹ, ਸੁੱਤੀ ਪਈ ਬਜ਼ੁਰਗ ਮਹਿਲਾ ‘ਤੇ ਡਿੱਗੀ ਘਰ ਦੀ ਛੱਤ, ਮੌਕੇ ‘ਤੇ ਹੋਈ ਮੌ.ਤ
ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਉਸ ਤੋਂ ਬਾਅਦ ਸੰਜੀਵ ‘ਤੇ ਕੁੜੀ ਨਾਲ ਛੇੜਛਾੜ ਦੇ ਇਲਜ਼ਾਮ ਲਗਾਏ ਗਏ ਹਨ। ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਬਹਾਵਵਾਲਾ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਫਿਲਹਾਲ ਪੁਲਿਸ ਉਸ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: