ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਘਟਨਾ ਵਿੱਚ ਇੱਕ ਇਨੋਵਾ ਕਾਰ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਵਿਅਕਤੀ ਅਜੇ ਵੀ ਲਾਪਤਾ ਹਨ। NDRF ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਉੱਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਮੰਤਰੀ ਜਿੰਪਾ ਨੇ ਆਪਣੀ ਹਾਜ਼ਰੀ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਉਣ ਦੇ ਪ੍ਰਬੰਧ ਯਕੀਨੀ ਬਣਾਏ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ 15 ਅਗਸਤ ਨੂੰ ਲੈ ਕੇ ਚਲਾਇਆ ਸਰਚ ਅਭਿਆਨ, ਸ਼ਹਿਰ ਦੇ ਹੋਟਲਾਂ ਤੇ ਢਾਬਿਆਂ ਦੀ ਕੀਤੀ ਜਾਂਚ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਪੀੜਤ ਪਰਿਵਾਰਾਂ ਦੀ ਮਦਦ ਲਈ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਦੁੱਖ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ।
ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਇਨੋਵਾ ਕਾਰ ਜੋ ਕਿ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਪਿੰਡ ਦੇਹਲਾ ਤੋਂ ਪੰਜਾਬ ਦੇ ਨਵਾਂਸ਼ਹਿਰ ਵਿਖੇ ਇੱਕ ਵਿਆਹ ਸਮਾਗਮ ਲਈ ਜਾ ਰਹੀ ਸੀ, ਜੇਜੋਂ ਚੋਆ ਵਿਖੇ ਅਚਾਨਕ ਪਾਣੀ ਦੇ ਤੇਜ਼ ਵਹਾਅ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੱਡੀ ‘ਚ ਸਵਾਰ 9 ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ।
NDRF ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ। ਮੰਤਰੀ ਜਿੰਪਾ ਨੇ NDRF, ਸਥਾਨਕ ਪ੍ਰਸ਼ਾਸਨ ਅਤੇ ਬਚਾਅ ਕਾਰਜਾਂ ‘ਚ ਲੱਗੇ ਲੋਕਾਂ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਵਿੱਚ ਜੋ ਵੀ ਅੱਗੇ ਆਏ ਹਨ, ਉਨ੍ਹਾਂ ਨੂੰ ਬਚਾਅ ਕਾਰਜ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਭਾਲ ਕਰਨ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: