ਮਾਛੀਵਾੜਾ ਨਜ਼ਦੀਕ ਪਿੰਡ ਖੇਡ਼ਾ-ਚਕਲੀ ਮੰਗਾ ਰੋਡ ’ਤੇ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ‘ਤੇ ਗੱਡੀ ਚੜ੍ਹਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ। ਪੁਲਿਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਜ਼ਖਮੀ ਹੋਏ ਦੋਨਾਂ ਨੌਜਵਾਨਾਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ ਜਿਸ ’ਤੇ ਉਹ ਆਪਣੇ ਮੋਟਰਸਾਈਕਲ ’ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨੂੰ ਨਾਲ ਲੈ ਕੇ ਪਿੰਡ ਚਕਲੀ ਮੰਗਾਂ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਇੱਕ ਵਿਅਕਤੀ ਮਲਕੀਤ ਸਿੰਘ ਉਰਫ਼ ਮੰਤਰੀ ਅਤੇ ਸੋਨੂੰ ਜੋ ਕਿ ਦੋਵੇਂ ਭਰਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਅਤੇ ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ।
ਕੁਲਵਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਕਲੀ ਮੰਗਾਂ ਤੋਂ ਵਾਪਸ ਖੇਡ਼ਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ ਤੇ ਉਸਦਾ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਜੋ ਕਾਰ ਵਿਚ ਸਵਾਰ ਸਨ, ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਕੁਲਵਿੰਦਰ ਸਿੰਘ ਤੇ ਉਸਦੇ ਸਾਥੀਆਂ ’ਤੇ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਕੇ ਸੜਕ ’ਤੇ ਗਿਰ ਗਏ। ਇਨ੍ਹਾਂ ਕਾਰ ਸਵਾਰਾਂ ਨੇ ਵਾਰ-ਵਾਰ ਕਾਰ ਚੜ੍ਹਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।
ਜਖ਼ਮੀਆਂ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਕੁਲਵਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦੇ ਦਿੱਤਾ। ਹਸਪਤਾਲ ਵਿਚ ਇਲਾਜ ਅਧੀਨ ਸੋਹਣ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਗੱਡੀ ਚੜ੍ਹਾਈ ਹੈ ਉਹ ਨਸ਼ਾ ਵੇਚਣ ਤੇ ਕਰਨ ਦੇ ਆਦੀ ਹਨ। ਮਾਛੀਵਾੜਾ ਪੁਲਿਸ ਥਾਣਾ ਵਿਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਦਾ ਵਿਅਕਤੀ ਜੋ ਕਿ ਪਿੰਡ ਚਕਲੀ ਮੰਗਾਂ ਦਾ ਵਾਸੀ ਹੈ, ਉਸ ਉੱਪਰ ਨਸ਼ੇ ਦੇ ਮਾਮਲੇ ਵੀ ਦਰਜ ਹਨ। ਮ੍ਰਿਤਕ ਕੁਲਵਿੰਦਰ ਸਿੰਘ ਜੋ ਕਿ 2 ਬੱਚਿਆਂ ਦਾ ਪਿਤਾ ਹੈ ਅਤੇ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ।
ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮਾਛੀਵਾਡ਼ਾ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅੱਤ ਦੀ ਗਰਮੀ ਵਿਚ ਉਹ ਕਰੀਬ 2 ਘੰਟੇ ਸਡ਼ਕ ਜਾਮ ਕਰਕੇ ਬੈਠੇ ਰਹੇ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲਡ਼ਕੇ ਕੁਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ ਅਤੇ ਇਹ ਨਸ਼ਾ ਤਸਕਰ ਬੇਖੌਫ਼ ਹੋ ਕੇ ਘੁੰਮਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ।
ਮੌਕੇ ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਪੁੱਜੇ ਅਤੇ ਪੁਲਿਸ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੌਕੇ ਤੇ ਪਹੁੰਚੇ ਪਰਮਜੀਤ ਸਿੰਘ ਢਿੱਲੋ ਹਲਕਾ ਇੰਚਾਰਜ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਵਧਦਾ ਨਸ਼ਾ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਅੱਜ ਇਨ੍ਹਾਂ ਨਸ਼ਾ ਤਸਕਰਾਂ ਕਾਰਨ ਹੀ ਪਿੰਡ ਖੇਡ਼ਾ ਦਾ ਨੌਜਵਾਨ ਕੁਲਵਿੰਦਰ ਸਿੰਘ ਮੌਤ ਦੇ ਮੂੰਹ ਵਿਚ ਜਾ ਪਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇ.ਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌ.ਤ
ਡੀਐਸਪੀ ਸਮਰਾਲਾ ਨੇ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣ ਅਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਵਿਚ ਜੋ ਵੀ ਦੋਸ਼ੀ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੱਲ੍ਹ ਹਾਦਸੇ ਤੋਂ ਬਾਅਦ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਉਨ੍ਹਾਂ ਨਾਲ ਗੱਲਬਾਤ ਕਰਨ ਆਇਆ ਤਾਂ ਉਸਦਾ ਵਿਵਹਾਰ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਉਕਤ ਸਹਾਇਕ ਥਾਣੇਦਾਰ ਨੇ ਬਦਸਲੂਕੀ ਕੀਤੀ ਇਸ ਲਈ ਉਸ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਬਦਸਲੂਕੀ ਕਰਨ ਵਾਲੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: