ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਨੇ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਦੇ ਬਸੰਤ ਵਿਹਾਰ ਨਗਰ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖਿਲਾਫ਼ ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਕਿ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਨੇ ਬਿੱਲ ਕਲੀਅਰ ਕਰਨ ਬਦਲੇ 15,000 ਰੁ: ਰਿਸ਼ਵਤ ਲੈਂਦੀ SDO ਤੇ ਉਸਦੇ ਸਹਾਇਕ ਨੂੰ ਕੀਤਾ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: