ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿੱਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿੱਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇੱਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ ਅਤੇ ਉਨ੍ਹਾਂ ਦੇ ਬੱਚੇ ਸਿਆਸਤ ਦੀ ਭੇਟ ਚੜ੍ਹ ਗਏ। ਇਸ ਅੱਤਵਾਦੀ ਘਟਨਾ ਵਿੱਚ ਮੌੜ ਮੰਡੀ ਨਿਵਾਸੀ ਅੰਕੁਸ਼ ਸਿੰਗਲਾ, ਜਪਸਿਮਰਨ ਸਿੰਘ, ਵਰਖਾ ਰਾਣੀ, ਰਿਪਨਦੀਪ ਸਿੰਘ, ਸੌਰਵ ਸਿੰਗਲਾ, ਅਸ਼ੋਕ ਕੁਮਾਰ ਅਤੇ ਹਰਪਾਲ ਸਿੰਘ ਦੀ ਮੌਤ ਹੋ ਗਈ ਸੀ। ਪਰਿਵਾਰਾਂ ਨੇ ਜਥੇਦਾਰ ਨੂੰ ਦੱਸਿਆ ਉਨ੍ਹਾਂ ਵੱਲੋਂ ਇਨਸਾਫ਼ ਲਈ ਲੰਮੇ ਸੰਘਰਸ਼ ਦੇ ਬਾਵਜੂਦ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਰਿਹਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੀੜਤ ਪਰਿਵਾਰਾਂ ਦਾ ਇਹ ਹੱਕ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ। ਪੰਜਾਬ ਦਾ ਸੱਭਿਆਚਾਰ ਪੂਰਨ ਰੂਪ ਵਿੱਚ ਨਿਆਂ ਪੂਰਨ ਹੈ, ਸਾਡੇ ਲੋਕਾਂ ਵਿੱਚ ਸਮਾਜਿਕ ਕਦਰਾਂ ਕੀਮਤਾਂ ਹਨ। ਇਸੇ ਕਾਰਨ ਇੱਥੇ ਲੋਕ ਮਾਨਸਿਕਤਾ ਵਿੱਚ ਜੁਰਮ ਦਰ ਬਾਕੀ ਸਭ ਸੂਬਿਆਂ ਨਾਲੋਂ ਘੱਟ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ਵਿਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਵੀ ਨਹੀਂ ਹੋਈ।
ਜਥੇਦਾਰ ਗੜਗੱਜ ਨੇ ਸਮੂਹ ਧਰਮਾਂ ਦੇ ਇਨਸਾਫ਼ ਪਸੰਦ ਲੋਕਾਂ ਨੂੰ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਲਈ ਅਵਾਜ਼ ਉਠਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੀ ਮਜ਼ਲੂਮਾਂ ਲਈ ਖੜ੍ਹਦਾ ਰਿਹਾ ਹੈ ਅਤੇ ਅਗਾਂਹ ਵੀ ਇਨ੍ਹਾਂ ਪੀੜਤ ਪਰਿਵਾਰਾਂ ਲਈ ਜਿਹੜੀ ਵੀ ਕੋਸ਼ਿਸ਼ ਕਰਨੀ ਪਈ ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਏਨੀ ਵੱਡੀ ਅੱਤਵਾਦੀ ਘਟਨਾ ਨੂੰ ਲੈ ਕੋਈ ਵੀ ਸਿਆਸੀ ਪਾਰਟੀ ਇਸ ਮਸਲੇ ਪ੍ਰਤੀ ਸੰਵੇਦਨਸ਼ੀਲ ਨਹੀਂ ਰਹੀ ਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੋਈ ਠੋਸ ਯਤਨ ਨਹੀਂ ਹੋਏ।
ਇਹ ਵੀ ਪੜ੍ਹੋ : ਜਲੰਧਰ : ਘਰ ਦੀ ਵੰਡ ਨੂੰ ਲੈ ਕੇ ਹੋਇਆ ਵਿਵਾਦ, ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦੇਸ਼ ਦੇ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਇਨ੍ਹਾਂ ਦੀ ਅਵਾਜ਼ ਸਮੁੱਚੇ ਪੰਥ ਅਤੇ ਪੰਜਾਬ ਨੂੰ ਨਾਲ ਲੈ ਕੇ ਚੁੱਕੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
