ਸੁਪਰੀਮ ਕੋਰਟ ਨੇ ਦਿੱਲੀ ਵਿਚ ਅਵਾਰਾ ਕੁੱਤਿਆਂ ਨੂੰ ਲੈ ਕੇ ਵੱਡਾ ਹੁਕਮ ਦਿੱਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਕਿਹਾ ਹੈ ਕਿ 8 ਹਫ਼ਤਿਆਂ ਦੇ ਅੰਦਰ ਸਾਰੇ ਆਵਾਰਾ ਕੁੱਤਿਆਂ ਨੂੰ ਫੜ ਕੇ ‘ਡੌਗ ਸ਼ੈਲਟਰਾਂ’ ਵਿੱਚ ਸ਼ਿਫਟ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਕੁੱਤਿਆਂ ਨੂੰ ਵਾਪਸ ਨਹੀਂ ਛੱਡਿਆ ਜਾਵੇਗਾ।
ਰਾਸ਼ਟਰੀ ਰਾਜਧਾਨੀ ਵਿੱਚ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਦਾ ਖੁਦ ਨੋਟਿਸ ਲੈਂਦੇ ਹੋਏ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ, ਐਮਸੀਡੀ, ਐਨਡੀਐਮਸੀ ਨੂੰ ਕੁੱਤਿਆਂ ਲਈ ‘ਸ਼ੈਲਟਰ’ ਬਣਾਉਣ ਦੇ ਨਿਰਦੇਸ਼ ਦਿੱਤੇ। ਜਸਟਿਸ ਜੇਬੀ ਪਾਰਦੀਵਾਲਾ ਅਤੇ ਆਰ ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਨਵਜੰਮੇ ਬੱਚੇ ਅਤੇ ਛੋਟੇ ਬੱਚੇ ਆਵਾਰਾ ਕੁੱਤਿਆਂ ਦਾ ਸ਼ਿਕਾਰ ਨਹੀਂ ਬਣਨੇ ਚਾਹੀਦੇ। ਅਦਾਲਤ ਨੇ ਕਿਹਾ ਕਿ ਸਥਿਤੀ ਬਹੁਤ ਗੰਭੀਰ ਹੈ ਅਤੇ ਤੁਰੰਤ ਕਦਮ ਚੁੱਕਣ ਦੀ ਲੋੜ ਹੈ।
ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਸ਼ੈਲਟਰਾਂ ਵਿੱਚ ਲੋੜੀਂਦਾ ਸਟਾਫ ਹੋਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਆਵਾਰਾ ਕੁੱਤਿਆਂ ਨੂੰ ਸ਼ੈਲਟਰਾਂ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਅਤੇ ਸੜਕਾਂ, ਕਾਲੋਨੀਆਂ ਅਤੇ ਜਨਤਕ ਥਾਵਾਂ ‘ਤੇ ਨਹੀਂ ਛੱਡਿਆ ਜਾਣਾ ਚਾਹੀਦਾ।

ਅਦਾਲਤ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਥਾਂ ਨਹੀਂ ਦਿੱਤੀ ਜਾਵੇਗੀ ਅਤੇ ਆਮ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਅਦਾਲਤ ਨੇ ਕਿਹਾ ਕਿ ਇਹ ਕਦਮ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਹੈ, ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਪਾਰਕਾਂ ਅਤੇ ਗਲੀਆਂ ਵਿੱਚ ਜਾ ਸਕਣ। ਅਦਾਲਤ ਨੇ ਕਿਹਾ ਕਿ ਕੁੱਤਿਆਂ ਦੀ ਨਸਬੰਦੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕਾਲੋਨੀਆਂ, ਸੜਕਾਂ ‘ਤੇ ਨਹੀਂ ਛੱਡਿਆ ਜਾਣਾ ਚਾਹੀਦਾ। ਕਿਸੇ ਵੀ ਹਾਲਤ ਵਿਚ ਛੋਟੇ ਬੱਚੇ ਅਵਾਰਾ ਕੁੱਤਿਆਂ ਦੇ ਸ਼ਿਕਾਰ ਨਹੀਂ ਹੋਣੇ ਚਾਹੀਦੇ।
ਇਹ ਵੀ ਪੜ੍ਹੋ : ਜਲੰਧਰ : ਬੇਕਾਬੂ ਗੱਡੀ ਨੇ ਸਕੂਟੀ ਨੂੰ ਮਾਰੀ ਟੱਕਰ, ਕਈ ਫੁੱਟ ਹਵਾ ‘ਚ ਉਛਲੀਆਂ ਔਰਤਾਂ, ਘਟਨਾ CCTV ‘ਚ ਕੈਦ
ਸੁਪਰੀਮ ਕੋਰਟ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਇੱਕ ਹੈਲਪਲਾਈਨ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ, ਤਾਂ ਜੋ ਕੁੱਤਿਆਂ ਦੇ ਕੱਟਣ ਦੀਆਂ ਸ਼ਿਕਾਇਤਾਂ ਤੁਰੰਤ ਦਰਜ ਕੀਤੀਆਂ ਜਾ ਸਕਣ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤ ਮਿਲਣ ਦੇ 4 ਘੰਟਿਆਂ ਦੇ ਅੰਦਰ ਕੁੱਤੇ ਨੂੰ ਫੜ ਲਿਆ ਜਾਵੇ। ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਸੰਗਠਨ ਇਨ੍ਹਾਂ ਹਦਾਇਤਾਂ ਨੂੰ ਲਾਗੂ ਕਰਨ ਵਿੱਚ ਰੁਕਾਵਟ ਪਾਉਂਦਾ ਹੈ, ਤਾਂ ਇਸਨੂੰ ਅਦਾਲਤ ਦੀ ਉਲੰਘਣਾ ਮੰਨਿਆ ਜਾਵੇਗਾ ਤੇ ਉਸ ‘ਤੇ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਵੱਲੋਂ ਇੱਕ ਪਿੰਡ ਵਿੱਚ ਕੁੱਤਿਆਂ ਦੇ ਸ਼ੈਲਟਰ ਹੋਮ ‘ਤੇ ਲਗਾਈ ਗਈ ਪਾਬੰਦੀ ‘ਤੇ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ।
ਅਦਾਲਤ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿ ਬੱਚੇ, ਔਰਤਾਂ ਅਤੇ ਬਜ਼ੁਰਗ ਸੜਕਾਂ ‘ਤੇ ਸੁਰੱਖਿਅਤ ਰਹਿਣ ਅਤੇ ਉਨ੍ਹਾਂ ਨੂੰ ਰੇਬੀਜ਼ ਦਾ ਖ਼ਤਰਾ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
























