ਕਪੂਰਥਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਕਪੂਰਥਲਾ ਸਾਈਬਰ ਕ੍ਰਾਈਮ ਪੁਲਿਸ ਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਵੱਡੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 2 ਕਰੋੜ ਤੋਂ ਵੱਧ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਇਸ ਮਾਮਲੇ ਵਿਚ ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦਾ ਰਹਿਣ ਵਾਲਾ ਹੈ। ਮੁਲਜ਼ਮ ਕੋਲੋਂ ਪੁਲਿਸ ਨੇ 2 ਕਰੋੜ ਤੋਂ ਵੱਧ ਦੀ ਹਵਾਲਾ ਰਕਮ ਬਰਾਮਦ ਕੀਤੀ ਹੈ। ਮੁਲਜ਼ਮ ਹਵਾਲਾ ਰਾਹੀਂ ਫੰਡਿੰਗ ਕਾਰਜਾਂ ‘ਚ ਸ਼ਾਮਲ ਸੀ।
ਪਿਛਲੇ ਹਫਤੇ ਵੀ ਕਪੂਰਥਲਾ ਪੁਲਿਸ ਵੱਲੋਂ ਫਗਵਾੜਾ ਵਿਚ ਆਨਲਾਈਨ ਸਾਈਬਰ ਧੋਖਾਦੇਹੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ ਮਾਮਲੇ ਵਿਚ 38 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 40 ਲੈਪਟਾਪ, 67 ਮੋਬਾਈਲ ਫੋਨ ਅਤੇ 10 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਲੁਧਿਆਣਾ ਦੇ ਹਵਾਲਾ ਆਪਰੇਟਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ ”ਤੇ ਬਿਟਕੋਇਨ ਅਤੇ ਹਵਾਲਾ ਚੈਨਲ ਰਾਹੀਂ ਕੀਤਾ ਗਿਆ ਸੀ। ਫੜੇ ਗਏ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























