ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ 15 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਂਦਰ ਨੂੰ ਫੈਸਲਾ ਲੈਣ ਨੂੰ ਕਿਹਾ। ਦੱਸ ਦੇਈਏ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਸਬੰਧੀ ਫੈਸਲਾ ਲੈਣ ਲਈ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੈਂ ਯਾਦ ਕਰਵਾਉਣਾ ਚਾਹੁੰਦੀ ਹਾਂ ਕਿ ਕੇਂਦਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਮੈਂ ਸੰਸਦ ਵਿਚ ਵੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਚੁੱਕਦੀ ਆਈ ਹਾਂ। ਸਾਡੇ ਬੰਦੀ ਸਿੰਘ ਆਪਣੀ ਸਜ਼ਾ ਤੋਂ ਵੀ ਵਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ। ਇਸ ਲਈ ਮੈਂ ਕੇਂਦਰ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਅਗਲੇ ਮਹੀਨੇ ਜਦੋਂ ਅਸੀਂ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਸ਼ਹਾਦਤ ਮਨਾਉਣ ਜਾ ਰਹੇ ਹਾਂ ਤਾਂ ਇਸ ਮੌਕੇ ਕੇਂਦਰ ਆਪਣਾ ਵਾਅਦਾ ਪੂਰਾ ਕਰੇ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕੀਤਾ ਜਾਵੇ ਤੇ ਜੋ ਵੀ ਹੋਰ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਸਾਰਿਆਂ ਨੂੰ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ADGP ਦੇ ਪਰਿਵਾਰ ਨੂੰ ਮਿਲਣ ਹਰਿਆਣਾ ਪਹੁੰਚੇ CM ਮਾਨ, ਕਿਹਾ-“ਸਾਰੇ ਦੋਸ਼ੀਆਂ ‘ਤੇ ਹੋਵੇ ਬਣਦੀ ਕਾਰਵਾਈ”
ਬਲਵੰਤ ਸਿੰਘ ਰਾਜੋਆਣਾ ਵੱਲੋਂ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਰਾਜੋਆਣਾ 29 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ। ਇਹ ਵਿਅਕਤੀ 15 ਸਾਲ ਤੋਂ ਮੌਤ ਦੀ ਸਜ਼ਾ ਕੱਟ ਰਿਹਾ ਹੈ। ਇਸ ਲਈ ਜਦੋਂ ਪਿਛਲੀ ਵਾਰ ਪਟੀਸ਼ਨ ਦਾਇਰ ਕੀਤੀ ਗਈ ਤਾਂ ਕੋਰਟ ਨੇ ਕਹਿ ਦਿੱਤਾ ਇਹ ਪਟੀਸ਼ਨ ਉਸ ਨੇ ਨਹੀਂ ਗੁਰਦੁਆਰਾ ਸੰਮਤੀ ਨੇ ਦਾਇਰ ਕੀਤੀ ਹੈ ਪਰ ਪਟੀਸ਼ਨ ਕੌਣ ਦਾਇਰ ਕਰਦਾ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਇਸ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕੋਰਟ ਨੇ ਕਿਹਾ ਸੀ ਕਿ ਇੰਨਾ ਸਮਾਂ ਬੀਤ ਚੁੱਕਾ, ਕਦੇ ਨਾ ਕਦੇ ਇਸ ‘ਤੇ ਫੈਸਲਾ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
























